For the best experience, open
https://m.punjabitribuneonline.com
on your mobile browser.
Advertisement

ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ

01:42 PM Dec 29, 2022 IST
ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ
Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ

Advertisement

Advertisement

ਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਬਿਰ ਹਨ ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਸ਼ੁਕਰਾਨਾ। ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਮਾਨਵਤਾ ਲਈ ਸੀ; ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ। ਅਸੀਂ ਗੁਰੂ ਜੀ ਦੇ ਜੀਵਨ ਦਰਸ਼ਨ ਦੇ ਆਧਾਰ ‘ਤੇ ਉਨ੍ਹਾਂ ਦੀ ਸ਼ਖਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਉਨ੍ਹਾਂ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਉਨ੍ਹਾਂ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿਚ ਸਪਸ਼ਟ ਕੀਤਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ, ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਸਾਹ-ਸਤਹੀਣ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ। ਉਨ੍ਹਾਂ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਨਗਾਰੇ ‘ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ ਸਵਾ ਲੱਖ ਨਾਲ ਇਕੱਲੇ ਲੜ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਜੀ ਦੇ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ‘ਤੇ ਪਹੁੰਚਾ ਦਿੱਤਾ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫਰਕ ਸਦਾ ਲਈ ਮਿਟਾ ਦਿੱਤਾ। ਇੰਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਹ ਵੀ ਧਰਮਾਂ ਦੇ ਇਤਿਹਾਸ ਵਿਚ ਵਿਲੱਖਣ ਸੀ। ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਨ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਹ ਮਾਣ ਕੇਵਲ ਦਸਮ ਪਾਤਸ਼ਾਹ ਜੀ ਨੇ ਹੀ

ਆਪਣੇ ਖਾਲਸੇ ਨੂੰ ਬਖ਼ਸ਼ਿਆ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਜੀ ਦੇ ਜੀਵਨ ਦਾ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।

ਗੁਰੂ ਜੀ ਦੀ ਰਚੀ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡ ਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ ਪੂਜਾ, ਬੁੱਤ ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿਚ ਅਭੇਦ ਹੁੰਦੇ ਹਨ। ਗੁਰੂ ਸਾਹਿਬ ਜੀ ਦਾ ਫਰਮਾਨ ਹੈ:

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥

ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥

ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥

ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥

ਇਸ ਦੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਦੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂ-ਬ-ਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਜੀ ਦੀ ਬਦੌਲਤ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਡਾ ਫਰਜ਼ ਹੈ ਕਿ ਜਿਥੇ ਅਸੀਂ ਗੁਰੂ ਜੀ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲਿਜਾ ਸਕਾਂਗੇ ਜੇ ਅਸੀਂ ਦੁਨੀਆ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਸੋ ਆਓ! ਗੁਰੂ ਬਖ਼ਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੋਸ਼ਨੀ ਵਿਚ ਜੀਵਨ ਬਤੀਤ ਕਰੀਏ ਅਤੇ ਸਾਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤੱਤਪਰ ਰਹੀਏ।

*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement