ਸ੍ਰੀਨਗਰ: ਅਤਿਵਾਦੀਆਂ ਵੱਲੋਂ ਮਾਰੇ ਗਏ ਨੌਜਵਾਨ ਦਾ ਸਸਕਾਰ
ਸੁਖਦੇਵ ਸਿੰਘ
ਅਜਨਾਲਾ, 8 ਫਰਵਰੀ
ਸ੍ਰੀਨਗਰ ਵਿੱਚ ਅਤਿਵਾਦੀਆਂ ਵੱਲੋਂ ਮਾਰੇ ਗਏ ਅਜਨਾਲਾ ਨੇੜਲੇ ਪਿੰਡ ਚਮਿਆਰੀ ਦੇ ਅੰਮ੍ਰਿਤਪਾਲ ਸਿੰਘ ਦੀ ਲਾਸ਼ ਅੱਜ ਪਿੰਡ ਪਹੁੰਚਣ ’ਤੇ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਇਸੇ ਹਮਲੇ ਵਿੱਚ ਮਾਰੇ ਗਏ ਦੂਜੇ ਨੌਜਵਾਨ ਰੋਹਿਤ ਮਸੀਹ ਵਾਸੀ ਚਮਿਆਰੀ ਦੀ ਲਾਸ਼ ਅਜੇ ਤੱਕ ਪਿੰਡ ਨਹੀਂ ਪੁੱਜੀ। ਅੱਜ ਜਦੋਂ ਅੰਮ੍ਰਿਤਪਾਲ ਦੀ ਲਾਸ਼ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਮ੍ਰਿਤਕ ਦੇ ਸਰੀਰ ’ਤੇ ਗੋਲੀਆਂ ਦੇ ਨਹੀਂ ਬਲਕਿ ਕੁੱਟਮਾਰ ਦੇ ਨਿਸ਼ਾਨ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਹਾਜ਼ਰ ਤਹਿਸੀਲਦਾਰ ਜਗਤਾਰ ਸਿੰਘ ਅਤੇ ਐੱਸਪੀ ਹੈੱਡਕੁਆਰਟਰ ਰਵਿੰਦਰ ਸਿੰਘ ਮਿਨਹਾਸ ਨੇ ਪਰਿਵਾਰ ਨਾਲ ਵੱਖਰੇ ਤੌਰ ’ਤੇ ਮੀਟਿੰਗ ਕੀਤੀ ਜਿਸ ਤੋਂ ਬਾਅਦ ਮ੍ਰਿਤਕ ਦਾ ਸਸਕਾਰ ਕੀਤਾ ਗਿਆ। ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ। ਇਸ ਉਪਰੰਤ ਸ਼ਾਮ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਦੋ-ਦੋ ਲੱਖ ਰੁਪਏ ਦੇ ਚੈੱਕ ਦਿੰਦਿਆਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ