ਕਿਸਾਨਾਂ, ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਨਾਲ ਡਟ ਕੇ ਖੜ੍ਹੇ ਹਾਂ: ਚੀਮਾ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 27 ਅਕਤੂਬਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਬਣਦੀ ਅਦਾਇਗੀ ਸਰਕਾਰ ਵੱਲੋਂ ਤੈਅ ਸਮਾਂ-ਸੀਮਾ ’ਚ ਕਰਨ ਦੀ ਹਦਾਇਤ ਕੀਤੀ।
ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਪ੍ਰਕਿਰਿਆ ’ਤੇ ਤਸੱਲੀ ਪ੍ਰਗਟ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸ਼ੈੱਲਰ ਮਾਲਕ ਸੂਬਾ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫ਼ਸਲ ਖ਼ਰੀਦ ਕੇ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਵੱਲੋਂ ਲਗਾਤਾਰ ਕੇਂਦਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੀਐੱਸਟੀ ਵਿਭਾਗ ਦੇ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਐੱਸਡੀਐੱਮ ਰਾਜੇਸ਼ ਸ਼ਰਮਾ ਤੇ ਓਐੱਸਡੀ ਤਪਿੰਦਰ ਸਿੰਘ ਸੋਹੀ ਆਦਿ ਮੌਜੂਦ ਸਨ।