For the best experience, open
https://m.punjabitribuneonline.com
on your mobile browser.
Advertisement

ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ

08:08 AM Oct 08, 2024 IST
ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ
ਖੰਨਾ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਡੀਸੀ ਜਤਿੰਦਰ ਜੋਰਵਾਲ।
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 7 ਅਕਤੂਬਰ
ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਚ ਅੱਜ ਝੋਨੇ ਦੀ ਖਰੀਦ ਸ਼ੁਰੂ ਹੋਈ। ਸੂਬੇ ਵਿਚ ਝੋਨੇ ਦੀ ਸਰਕਾਰੀ ਖਰੀਦ 8 ਅਕਤੂਬਰ ਤੋਂ ਸ਼ੁਰੂ ਹੋਵੇਗੀ। ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਤਹਿਤ ਮੰਡੀਆਂ ਵਿੱਚ ਬਿਜਲੀ, ਪਾਣੀ ਤੇ ਪਖਾਨਿਆਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ’ਤੇ ਸੇਵਾਦਾਰਾਂ ਦੀ ਡਿਊਟੀ ਲਗਾ ਕੇ ਝੋਨੇ ਦੀ ਨਮੀ ਵੀ ਚੈਕ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰੋਜ਼ਾਨਾ ਝੋਨੇ ਦੀ ਖ਼ਰੀਦ ਕਰਕੇ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਚਲੀ ਜਾਵੇਗੀ ਅਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਲਗਾਤਾਰ ਹੁੰਦੀ ਰਹੇਗੀ। ਸ੍ਰੀ ਜੋਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਖਰੀਦ ਤੁਰੰਤ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼ਿਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਮੀਤ ਪਾਲ ਸਿੰਘ ਤੇ ਕਿਸਾਨ ਮੌਜੂਦ ਸਨ।

Advertisement

ਹੁਸ਼ਿਆਰਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਸ ਜ਼ਿਲ੍ਹੇ ਦੀਆਂ 13 ਤੋਂ ਵੱਧ ਮੰਡੀਆਂ ਵਿੱਚ ਅੱਜ ਤੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਵਾਉਂਦਿਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੰਗਲਵਾਰ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖ਼ਰੀਦ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਕੁੱਲ 65 ਮੰਡੀਆਂ ਵਿੱਚੋਂ ਹੁਸ਼ਿਆਰਪੁਰ, ਨਸਰਾਲਾ, ਫੁਗਲਾਨਾ, ਮਾਹਿਲਪੁਰ, ਪੱਦੀ ਸੂਰਾਂ ਸਿੰਘ, ਭੰਗਾਲਾ, ਹਰਸਾ ਮਾਨਸਰ, ਕੌਲਪੁਰ, ਮੁਕੇਰੀਆਂ, ਪੰਡੋਰੀ, ਦਸੂਹਾ, ਨੌਸ਼ਹਿਰਾ, ਪੰਜਧੇਰ ਕਲਾਂ ਅਤੇ ਹੋਰ ਕਈ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਕਟਾਈ ’ਤੇ ਰੋਕ ਲਗਾਈ ਗਈ ਹੈ।

Advertisement

Advertisement
Author Image

sukhwinder singh

View all posts

Advertisement