ਸੂਬਾਈ ਖ਼ੁਰਾਕ ਕਮਿਸ਼ਨ ਵੱਲੋਂ ਰਾਸ਼ਨ ਡਿੱਪੂਆਂ ਤੇ ਆਂਗਣਵਾੜੀ ਸੈਂਟਰਾਂ ਦੀ ਜਾਂਚ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਮਾਰਚ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਰਾਸ਼ਨ ਡਿੱਪੂਆਂ ਅਤੇ ਆਂਗਣਵਾੜੀ ਸੈਂਟਰਾਂ ਦੀ ਜਾਂਚ ਕੀਤੀ। ਇਸ ਸਬੰਧ ਵਿੱਚ ਉਨ੍ਹਾਂ ਜ਼ਿਲ੍ਹੇ ਦੇ ਲੋਪੋਕੇ ਤਹਿਸੀਲ ਅਧੀਨ ਪੈਂਦੇ ਪਿੰਡ ਬੁਆ ਨੰਗਲੀ ਦਾ ਦੌਰਾ ਕੀਤਾ ਜਿੱਥੋਂ ਕਈ ਪਿੰਡ ਵਾਸੀਆਂ ਵੱਲੋਂ ਸਥਾਨਕ ਰਾਸ਼ਨ ਡਿੱਪੂ ਹੋਲਡਰ ਬਾਰੇ ਲਗਾਤਾਰ ਸ਼ਿਕਾਇਤਾਂ ਕੀਤੀਆ ਜਾ ਰਹੀਆਂ ਸਨ। ਵਿਜੇ ਦੱਤ ਨੇ ਦੱਸਿਆ ਕਿ ਕਮਿਸ਼ਨ ਨੂੰ ਡਿੱਪੂ ਹੋਲਡਰ ਬਾਰੇ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਕਣਕ ਨਾ ਦੇਣ, ਅਪਸ਼ਬਦ ਬੋਲਣ ਅਤੇ ਪੈਸੇ ਵਸੂਲਣ ਦੇ ਦੋਸ਼ ਸ਼ਾਮਲ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜਾਂਚ ਕਰਨ ਅਤੇ 15 ਦਿਨਾਂ ਦੇ ਅੰਦਰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡ ਬੁਆ ਨੰਗਲੀ ਦੇ ਸ਼ਿਕਾਇਤਕਰਤਾਵਾਂ ਨਾਲ ਮੁਲਾਕਾਤ ਕਰਕੇ ਢੁਕਵੀਂ ਕਾਰਵਾਈ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਦੌਰੇ ਜਾਰੀ ਰੱਖੇਗਾ। ਇਸ ਦਾ ਉਦੇਸ਼ ਸਰਕਾਰੀ ਰਾਸ਼ਨ ਡਿਪੂਆਂ ਵਿੱਚ ਕਣਕ ਦੀ ਵੰਡ, ਮਿਡ-ਡੇਅ ਮੀਲ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਭੋਜਨ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵੰਡੇ ਜਾਣ ਵਾਲੇ ਭੋਜਨ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਕਰਨ ਵਾਲੇ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੜਲੇ ਪਿੰਡ ਅਦਲੀਵਾਲ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਭਲਾਈ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਮਿਡ-ਡੇਅ ਮੀਲ ਲਈ ਭੋਜਨ ਜਾਂਚ ਰਜਿਸਟਰਾਂ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਅਤੇ ਭੋਜਨ ਵੰਡ ਪ੍ਰਕਿਰਿਆ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਿਡ-ਡੇਅ ਮੀਲ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨਾਲ ਭੋਜਨ ਕੀਤਾ।
ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪਾਣੀ ਦੀ ਗੁਣਵੱਤਾ ਅਤੇ ਟੀਡੀਐਸ (ਕੁੱਲ ਘੁਲਣਸ਼ੀਲ ਠੋਸ ਪਦਾਰਥ) ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ, ਵਿਦਿਆਰਥੀਆਂ ਦੀ ਨਿਯਮਤ ਸਿਹਤ ਜਾਂਚ ਅਤੇ ਮਿਡ-ਡੇਅ ਮੀਲ ਵਰਕਰਾਂ ਦੀ ਡਾਕਟਰੀ ਜਾਂਚ ਵੀ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿੱਪੂਆਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ (9876764545) ਪ੍ਰਚਾਰਨ ਦੇ ਵੀ ਨਿਰਦੇਸ਼ ਦਿੱਤੇ।