ਸੰਗਰੂਰ ਪੁਲੀਸ ਵੱਲੋਂ ਸੂਬਾਈ ਜੂਨੀਅਰ ਅਥਲੈਟਿਕ ਮੀਟ
ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਸੰਗਰਰੂ ਜ਼ਿਲ੍ਹਾ ਪੁਲੀਸ ਵੱਲੋਂ ‘ਪੰਜਵੀਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ’ ਤਹਿਤ ਵਾਰ ਹੀਰੋਜ਼ ਸਟੇਡੀਅਮ ਵਿੱਚ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਮੀਟ ਕਰਵਾਈ ਗਈ। ਇਸ ਵਿੱਚ ਪੰਜਾਬ ਦੇ 21 ਜ਼ਿਲ੍ਹਿਆਂ ਦੇ ਕਰੀਬ 850 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ ਅਥਲੈਟਿਕਸ ਮੀਟ ਵਿਚ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਡੀਸੀ ਸੰਦੀਪ ਰਿਸ਼ੀ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਖਿਡਾਰੀਆਂ ਦੀ ਹੌਸਲਾਅਫ਼ਜਾਈ ਕੀਤੀ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।
ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅਥਲੈਟਿਕਸ ਮੀਟ ਵਿਚ ਐੱਸਪੀ ਪੀਬੀਆਈ ਨਵਰੀਤ ਸਿੰਘ ਵਿਰਕ ਸਣੇ ਜ਼ਿਲ੍ਹਾ ਪੁਲੀਸ ਦੀ ਸਮੁੱਚੀ ਟੀਮ ਵੱਲੋਂ ਅਹਿਮ ਭੂਮਿਕਾ ਨਿਭਾਉਂਦਿਆਂ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜ, ਲੰਮੀ ਛਾਲ, ਉਚੀ ਛਾਲ ਅਤੇ ਰਿਲੇਅ ਦੌੜ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-12, ਅੰਡਰ-14, ਅੰਡਰ-18 ਅਤੇ ਅੰਡਰ-20 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।
ਇਸ ਮੌਕੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਜੇਤੂ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਨਗਦ ਇਨਾਮਾਂ ਨਾਲ ਸਨਮਾਨਿਆ ਗਿਆ। ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟਰੈਕ ਸੂਟ ਅਤੇ ਰਨਿੰਗ ਬੂਟ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ ਕੋਚਾਂ ਨੂੰ ਵੀ ਨਗਦ ਇਨਾਮ ਨਾਲ ਸਨਮਾਨਿਆ ਗਿਆ। ਸ੍ਰੀ ਚਾਹਲ ਨੇ ਦੱਸਿਆ ਕਿ ਇਸ ਅਥਲੈਟਿਕਸ ਮੀਟ ਦਾ ਮੁੱਖ ਮੰਤਵ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸੀ।