ਪੰਚਕੂਲਾ ਵਿੱਚ ਸੂਬਾ ਪੱਧਰੀ ਬਾਲ ਦਿਵਸ ਪ੍ਰੋਗਰਾਮ
ਪੀਪੀ ਵਰਮਾ
ਪੰਚਕੂਲਾ, 12 ਜੂਨ
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਸੈਕਟਰ-5 ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਹੋਏ ਸੂਬਾ ਪੱਧਰੀ ਬਾਲ ਦਿਵਸ ਮੁਕਾਬਲੇ ਦੇ ਇਨਾਮ ਵੰਡ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ। ਹਰਿਆਣਾ ਰਾਜ ਬਾਲ ਕਲਿਆਣ ਪਰਿਸ਼ਦ ਵੱਲੋਂ ਕਰਵਾਏ ਪ੍ਰੋਗਰਾਮ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਤੇ ਮੰਤਰੀ ਅਸੀਮ ਗੋਇਲ ਵੀ ਮੌਜੂਦ ਸਨ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਦਾ ਜਨਮ ਦਿਨ ਵੀ ਮਨਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਬੱਚਿਆਂ ਨੂੰ ਵੱਡੇ ਪੱਧਰ ’ਤੇ ਸੋਚਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਰਾਜਨੀਤੀ ਵਿੱਚ ਵੀ ਸ਼ਾਮਲ ਹੋਣ ਲਈ ਕਿਹਾ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਸੱਭਿਆਚਾਰਕ ਨਜ਼ਰੀਏ ਤੋਂ ਦਲਿਤ, ਪੇਂਡੂ ਅਤੇ ਪਛੜੇ ਬੱਚਿਆਂ ਦੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਨੇ ਸੂਬਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਤੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਜੀਵਨ ਬਾਰੇ ਵੀ ਜਾਣਕਾਰੀ ਦਿੱਤੀ।