ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ
ਪੱਤਰ ਪ੍ਰੇਰਕ
ਅਟਾਰੀ, 10 ਫਰਵਰੀ
ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਅਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਿਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਕੈਬਨਿਟ ਮੰਤਰੀ ਧਾਲੀਵਾਲ ਨੇ ਆਪਣੇ ਅਖਤਿਆਰੀ ਫੰਡਜ਼ ਵਿੱਚੋ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ, ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ। ਅਟਾਰੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਜਥਿਆਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਉੱਥੇ ਸਥਿਤ ਅਜਾਇਬ ਘਰ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਨ੍ਹਾਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਅਟਾਰੀਵਾਲਾ ਪਰਿਵਾਰ ਦੇ ਮੈਂਬਰ ਬਰਿੰਦਰ ਸਿੰਘ, ਜਨਰਲ ਸਕੱਤਰ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਕੈਪਟਨ ਗੁਰਮਿੰਦਰ ਸਿੰਘ, ਕੰਵਰ ਕਰਵਿੰਦਰਪਾਲ ਸਿੰਘ ਅਤੇ ਚੇਅਰਮੈਨ ਸ੍ਰੀ ਅਸ਼ੋਕ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਹਾਜ਼ਰ ਸਨ।