ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਚੰਡੀਗੜ੍ਹ (ਕੁਲਦੀਪ ਸਿੰਘ):
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਅਧਿਆਪਕ ਦਿਵਸ ਮੌਕੇ ਅੱਜ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਵਿਆਪਕ ਪੱਧਰ ’ਤੇ ਰੋਸ ਧਰਨੇ ਦਿੱਤੇ ਗਏ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਅਤੇ ਵਿੱਤ ਸਕੱਤਰ ਜਸਵਿੰਦਰ ਗੋਨੇਆਣਾ ਨੇ ਦੱਸਿਆ ਕਿ ਸੂਬਾਈ ਰੋਸ ਪ੍ਰਦਰਸ਼ਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸਾ, ਲੁਧਿਆਣਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਸਿੱਖਿਆ ਖੇਤਰ ਵਿੱਚ ਕੇਵਲ ਕਾਗਜ਼ੀ ਸੁਧਾਰ ਹੀ ਕੀਤੇ ਗਏ ਹਨ। ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਪਸ ਲੈ ਲਿਆ ਗਿਆ ਹੈ। ਜਨਵਰੀ-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੋਂ ਕੇਂਦਰੀ ਤਨਖਾਹ ਕਮਿਸ਼ਨ ਦੀ ਆੜ ਹੇਠ ਤਨਖਾਹ ਕਟੌਤੀ ਕੀਤੀ ਗਈ ਹੈ। ਸਿੱਖਿਆ ਨੂੰ ਪੜ੍ਹੋ ਪੰਜਾਬ, ਉਡਾਨ, ਸਰਵ ਸਿੱਖਿਆ ਅਭਿਆਨ, ਮਿਸ਼ਨ ਸਮਰੱਥ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨਾਲ ਨੂੜ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਨਵੀਆਂ ਪ੍ਰੇਸ਼ਾਨੀਆਂ ਪੈਦਾ ਕੀਤੀਆਂ ਗਈਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਸਿੱਖਿਆ ਵਿਰੋਧੀ ਨੀਤੀਆਂ ਗਰਦਾਨਦਿਆਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਐੱਨਪੀਐੱਸ ਅਤੇ ਯੂਪੀਐੱਸ ਰੱਦ ਕਰਕੇ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ, ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਕੇ ਪੁਰਾਣੇ ਤਨਖਾਹ ਸਕੇਲ ਬਹਾਲ ਕੀਤੇ ਜਾਣ। ਕੰਪਿਊਟਰ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ ਸਣੇ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਕਈ ਮੰਗਾਂ ਦਾ ਜ਼ਿਕਰ ਕਰਦਿਆਂ ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।