ਸੂਬਾ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 12 ਅਕਤੂਬਰ
ਸਕੂਲ ਸਿੱਖਿਆ ਵਿਭਾਗ ਵੱਲੋਂ ਮੁਹਾਲੀ ਦੇ ਸੈਕਟਰ 78 ਦੇ ਬਹੁਮੰਤਵੀ ਖੇਡ ਭਵਨ ਵਿੱਚ ਕਰਵਾਈਆਂ ਜਾ ਰਹੀਆਂ 68ਵੀਆਂ ਸੂਬਾ ਪੱਧਰੀ ਸਕੂਲਾਂ ਖੇਡਾਂ ਦੇ ਅੰਡਰ-17 ਸਾਲ ਵਰਗ ਦੇ ਕਬੱਡੀ ਅਤੇ ਅੰਡਰ 17 ਤੇ 19 ਸਾਲ ਵਰਗ ਦੇ ਬੈਡਮਿੰਟਨ ਮੁਕਾਬਲੇ ਅੱਜ ਸਮਾਪਤ ਹੋ ਗਏ। ਪੰਜ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਸਮੂਹ ਜ਼ਿਲ੍ਹਿਆਂ ਤੋਂ ਆਏ 700 ਤੋਂ ਵੀ ਵਧੇਰੇ ਖਿਡਾਰੀਆਂ ਨੇ ਭਾਗ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਦੀ ਦੇਖਰੇਖ ਹੇਠ ਹੋਏ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਬੈਡਮਿੰਟਨ ਦੇ 17 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਫਾਈਨਲ ਵਿੱਚ ਜਲੰਧਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਲੜਕਿਆਂ ਦੇ 19 ਸਾਲ ਵਰਗ ਵਿੱਚ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਚੈਂਪੀਅਨ ਬਣੀ।
ਅੰਡਰ-17 ਸਾਲ ਵਰਗ ਦੇ ਲੜਕਿਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਦਾ ਫਾਈਨਲ ਮੈਚ ਸੰਗਰੂਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਟੀਮਾਂ ਵਿਚਾਲੇ ਹੋਇਆ। ਇਸ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਨਾਮ ਵੰਡ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਪ੍ਰਧਾਨਗੀ ਡਿਪਟੀ ਡੀਈਓ ਅੰਗਰੇਜ਼ ਸਿੰਘ ਨੇ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਟਰਾਫ਼ੀਆਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਕਬੱਡੀ ਦੀਆਂ ਜੇਤੂ ਟੀਮਾਂ ਨੂੰ ਜ਼ਿਲ੍ਹਾ ਸਪੋਰਟਸ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਇਨਾਮਾਂ ਦੀ ਵੰਡ ਕੀਤੀ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਜਿੱਤ ਹਾਸਲ ਕਰਨ ਵਾਲੀਆਂ ਟੀਮਾਂ ਕੌਮੀ ਖੇਡਾਂ ’ਚ ਸੂਬੇ ਦੀ ਪ੍ਰਤੀਨਿਧਤਾ ਕਰਨਗੀਆਂ। ਇਸ ਮੌਕੇ ਬੈਡਮਿੰਟਨ ਦੇ ਕਨਵੀਨਰ ਰੁਪਿੰਦਰ ਕੌਰ ਝੰਜੇੜੀ, ਨਰੇਸ਼ ਕੁੰਡੂ ਤੇ ਤਰਿੰਦਰ ਸੰਧੂ ਆਦਿ ਹਾਜ਼ਰ ਸਨ।