For the best experience, open
https://m.punjabitribuneonline.com
on your mobile browser.
Advertisement

ਸਮਾਣਾ ਵਿੱਚ ਬਣੇਗਾ ਅਤਿ-ਆਧੁਨਿਕ ਬੱਸ ਅੱਡਾ: ਜੌੜਾਮਾਜਰਾ

07:31 AM Dec 01, 2023 IST
ਸਮਾਣਾ ਵਿੱਚ ਬਣੇਗਾ ਅਤਿ ਆਧੁਨਿਕ ਬੱਸ ਅੱਡਾ  ਜੌੜਾਮਾਜਰਾ
ਸਮਾਣਾ ਦੇ ਬੱਸ ਅੱਡੇ ਦਾ ਦੌਰਾ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।
Advertisement

ਸੁਭਾਸ਼ ਚੰਦਰ/ ਅਸ਼ਵਨੀ ਗਰਗ
ਸਮਾਣਾ, 30 ਨਵੰਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਬੱਸ ਅੱਡਾ ਬਣਾਉਣ ਦੀ ਮੰਗ ਨੂੰ ਪੂਰਾ ਕਰਕੇ ਇਸ ਲਈ ਗਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਛੇ ਕਰੋੜ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਜਾਵੇਗਾ।
ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੇ ਪੁਰਾਣੇ ਬੱਸ ਅੱਡੇ, ਜਿੱਥੇ ਨਵਾਂ ਬੱਸ ਅੱਡਾ ਉਸਾਰਿਆ ਜਾਣਾ ਹੈ, ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ ਪੌਣੇ 2 ਏਕੜ ਜ਼ਮੀਨ ’ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਉਣ ਲਈ ਟੈਂਡਰ ਜਾਰੀ ਕਰਕੇ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਛੱਤ ’ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।
ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਿਆਂ ਵਿੱਚ ਡੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ ਕਰਦੀ ਹੈ।
ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਇਸ ਬੱਸ ਅੱਡੇ ਨੂੰ ਬਣਾਉਣ ਦੇ ਸਮਾਣਾ ਵਾਸੀਆਂ ਨਾਲ ਲਾਰੇ ਲਗਾਏ ਗਏ ਸਨ ਪਰ ਇਹ ਬੱਸ ਅੱਡਾ ਕਦੇ ਵੀ ਨਹੀਂ ਬਣ ਸਕਿਆ ਸੀ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਸਮੱਸਿਆ ਨੂੰ ਸਮਝਦਿਆਂ ਤੁਰੰਤ ਇਸ ਲਈ ਗਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ਐੱਸ.ਡੀ.ਐੱਮ. ਚਰਨਜੀਤ ਸਿੰਘ, ਕਾਰਜ ਸਾਧਕ ਅਫਸਰ ਬਰਜਿੰਦਰ ਸਿੰਘ ਤੇ ਪ੍ਰਿੰਸੀਪਲ ਆਰਕੀਟੈਕਟ ਚੰਡੀਗੜ੍ਹ ਬਚਿੱਤਰ ਸਿੰਘ, ਸੀਨੀਅਰ ਆਰਕੀਟੈਕਟ ਸਾਂਚ ਕਪੂਰ ਤੇ ਆਰਕੀਟੈਕਟ ਅਨਿਕੇਤ ਨੇ ਨਵੇਂ ਬਣਨ ਵਾਲੇ ਬੱਸ ਅੱਡੇ ਦੇ ਡਿਜ਼ਾਈਨ ਤੇ ਹੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਓ.ਐੱਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਸੋਨੂ ਥਿੰਦ ਤੇ ਸੁਰਜੀਤ ਸਿੰਘ ਫੌਜੀ ਵੀ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement