ਭਾਸ਼ਾ ਵਿਭਾਗ ਵੱਲੋਂ ਸੂਬਾਈ ਪ੍ਰਸ਼ਨੋਤਰੀ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 22 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਮਾਹ ਤਹਿਤ ਕਰਵਾਏ ਗਏ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਪੰਜਾਬ ਤਰਨੀਕੀ ਯੂਨੀਵਰਸਿਟੀ ਦੇ ਡੀਨ ਵਿਕਾਸ ਚਾਵਲਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਧੰਜੂ ਨੇ ਕੀਤੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 66 ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿੱਚ ਉਨ੍ਹਾਂ ਵਿਦਿਆਰਥੀਆਂ ਨੇ ਭਾਗ ਲਿਆ ਜੋ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਲਗਭਗ 4 ਹਜ਼ਾਰ ਵਿਦਿਆਰਥੀਆਂ ਵਿਚੋਂ ਮੋਹਰੀ ਸਥਾਨ ਹਾਸਲ ਕਰਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਨ।
ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਵਿੱਚੋਂ ੳ, ਅ ਅਤੇ ੲ ਵਰਗ ਦੇ ਮੁਕਾਬਲੇ ਵਿੱਚ ੳ ਵਰਗ (ਅੱਠਵੀਂ ਜਮਾਤ ਤੱਕ) ਵਿੱਚ ਨਵਕਰਨ ਸਿੰਘ ਐੱਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਹਿਲਾ, ਰਵਨੀਤ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਜ਼ਿਲ੍ਹਾ ਫ਼ਰੀਦਕੋਟ ਨੇ ਦੂਜਾ ਅਤੇ ਅਗਮਜੋਤ ਕੌਰ ਸ਼ਿਵਾਲਿਕ ਪਬਲਿਕ ਸਕੂਲ ਸੈਕਟਰ -41 ਬੀ ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅ ਵਰਗ (ਨੌਵੀਂ ਤੋਂ ਬਾਰਵੀਂ ਜਮਾਤ ਤੱਕ) ਦੇ ਮੁਕਾਬਲੇ ਵਿੱਚ ਸੁਖਮਨ ਕੌਰ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਕੋਟ ਬਾਬਾ ਦੀਪ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਨੇ ਦੂਜਾ ਅਤੇ ਪ੍ਰੀਤਿਕਾ ਅਮਰਦੀਪ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ। ੲ ਵਰਗ (ਕਾਲਜ ਪੱਧਰ) ਦੇ ਮੁਕਾਬਲੇ ਵਿੱਚ ਸੁਖਪ੍ਰੀਤ ਕੌਰ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਨਿਰਮਲਾ ਰਾਣੀ ਡਾਈਟ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੂਜਾ ਅਤੇ ਅਰਸ਼ਦੀਪ ਸਿੰਘ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜ਼ਿਲ੍ਹਾ ਬਰਨਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।