ਐੱਸਟੀਐੱਫ ਵੱਲੋਂ ਢਾਈ ਕਿਲੋ ਹੈਰੋਇਨ ਸਣੇ ਮੁਲਜ਼ਮ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਨਵੰਬਰ
ਨਸ਼ਾ ਤਸਕਰੀ ਦੇ ਕੇਸ ਵਿੱਚ ਢਾਈ ਸਾਲ ਜੇਲ੍ਹ ਵਿੱਚ ਬੰਦ ਰਹਿਣ ਮਗਰੋਂ ਕਰੀਬ ਇੱਕ ਸਾਲ ਪਹਿਲਾਂ ਜ਼ਮਾਨਤ ’ਤੇ ਬਾਹਰ ਆਏ ਨਸ਼ਾ ਤਸਕਰ ਨੂੰ ਐੱਸਟੀਐੱਫ ਟੀਮ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਪਿੰਡ ਝਾਂਡੇ ਨੇੜਿਓਂ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਕਿਲੋ ਛੇ ਸੌ ਗ੍ਰਾਮ ਹੈਰੋਇਨ ਤੇ ਇੱਕ ਕਾਰ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਤਰਨ ਤਾਰਨ ਦੇ ਪਿੰਡ ਭਿੱਖੀਵਿੰਡ ਦੇ ਰਹਿਣ ਵਾਲੇ ਗੁਰਜੰਟ ਸਿੰਘ ਉਰਫ਼ ਜੰਟਾ (30) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਡੀਐੱਸਪੀ ਐੱਸਟੀਐੱਫ ਦਵਿੰਦਰ ਚੌਧਰੀ ਨੇ ਦੱਸਿਆ ਕਿ ਐੱਸਟੀਐੱਫ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਸਰਾਭਾ ਨਗਰ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਜੰਟਾ ਫਿਰ ਤੋਂ ਹੈਰੋਇਨ ਦੀ ਤਸਕਰੀ ਕਰ ਲੱਗਾ ਹੈ। ਉਹ ਕਾਰ ਵਿੱਚ ਪਿੰਡ ਝਾਂਡੇ ਤੋਂ ਮੁੱਲਾਂਪੁਰ ਵੱਲ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਸੀ। ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਦੀ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 2 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਹੋਈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐੱਸਟੀਐੱਫ ਦੀ ਟੀਮ ਨੇ ਮੁਲਜ਼ਮ ਨੂੰ ਪਹਿਲਾਂ ਵੀ ਦੋ ਕਿਲੋ ਤਿੰਨ ਸੌ ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਸੀ। ਮੁਲਜ਼ਮ ਕਰੀਬ ਢਾਈ ਸਾਲ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਅਤੇ ਕਰੀਬ ਇੱਕ ਸਾਲ ਪਹਿਲਾਂ ਹਾਈ ਕੋਰਟ ਰਾਹੀਂ ਜ਼ਮਾਨਤ ਲੈ ਕੇ ਬਾਹਰ ਆਇਆ ਸੀ।
ਪੁਲੀਸ ਅਨੁਸਾਰ ਮੁਲਜ਼ਮ ਦਾ ਕੋਈ ਕਾਰੋਬਾਰ ਨਾ ਹੋਣ ਕਾਰਨ ਉਹ ਤਰਨ ਤਾਰਨ ਦੇ ਰਹਿਣ ਵਾਲੇ ਤਸਕਰ ਸੁੱਖਾ ਬਾਬਾ ਤੋਂ ਹੈਰੋਇਨ ਲਿਆ ਕੇ ਸਪਲਾਈ ਕਰਦਾ ਸੀ।