For the best experience, open
https://m.punjabitribuneonline.com
on your mobile browser.
Advertisement

ਪਰਾਲੀ ਪ੍ਰਬੰਧਨ: ਡੀਸੀ ਵੱਲੋਂ ਕਈ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ

07:16 AM Oct 04, 2024 IST
ਪਰਾਲੀ ਪ੍ਰਬੰਧਨ  ਡੀਸੀ ਵੱਲੋਂ ਕਈ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ
ਡੀਸੀ ਡਾ. ਪ੍ਰੀਤੀ ਯਾਦਵ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਅਕਤੂਬਰ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡੀਸੀ ਡਾ. ਪ੍ਰੀਤੀ ਯਾਦਵ ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ’ਚ ਉਤਰਿਆ ਹੋਇਆ ਹੈ। ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਭਾਂਖਰ ਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਬੇਲਰ, ਚੌਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਪਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਵਾਸਤੇ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐੱਸਡੀਐੱਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਇਨ੍ਹਆਂ ਪਿੰਡਾਂ ਦਾ ਦੌਰਾ ਕਰਦਿਆਂ ਡੀਸੀ ਨੇ ਪਿੰਡ ਬੱਲਾਂ ਵਿਖੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ ’ਚ ਜਾ ਕੇ ਗੱਲਬਾਤ ਕੀਤੀ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਖੇਤ ’ਚ ਮੌਜੂਦ ਛੋਟੇ ਬੱਚੇ ਪ੍ਰਵਾਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਨ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਦਾ ਹੈ।

Advertisement

ਅਧਿਕਾਰੀਆਂ ਨੇ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਗਰੂਕ ਕੀਤਾ

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਐੱਸ.ਡੀ.ਐੱਮ. ਹਰਬੰਸ ਅਤੇ ਡੀ.ਐੱਸ.ਪੀ. ਕੁਲਦੀਪ ਸਿੰਘ ਨੇ ਪਿੰਡ ਆਦਮਵਾਲ, ਆਹਨਖੇੜੀ ਅਤੇ ਰੁੜਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਸੁਣਿਆ। ਉਨ੍ਹਾਂ ਕਿਸਾਨਾਂ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਦੇ ਮਿਲਣ ਵਾਲੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਦੀ ਬਲਾਕ ਦੇ ਕਿਸਾਨਾਂ ਲਈ ਉਪਲਬਧਤਾ ਯਕੀਨੀ ਬਣਾਉਣ ਲਈ ਮੈਪਿੰਗ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ’ਤੇ ਕੋਈ ਵੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਇਹ ਮਸ਼ੀਨਰੀ ਵਰਤ ਕੇ ਪਰਾਲੀ ਸੰਭਾਲ ਸਕਦੇ ਹਨ। ਡੀ.ਐੱਸ.ਪੀ. ਕੁਲਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਸੰਜੀਦਗੀ ਨਾਲ ਹੰਭਲਾ ਮਾਰਨ ਦੀ ਲੋੜ ਹੈ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਸੀ.ਆਰ.ਐਮ ਸਕੀਮ ਤਹਿਤ ਪਰਾਲੀ ਦੇ ਯੋਗ ਪ੍ਰਬੰਧਨ ਲਈ ਅਪੀਲ ਕੀਤੀ ਅਤੇ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।

Advertisement

ਲਹਿਰਾਗਾਗਾ ’ਚ ਪਰਾਲੀ ਦਾ ਸਾੜਨ ਲਈ ਪ੍ਰੇਰਿਆ

ਲਹਿਰਾਗਾਗਾ: ਪਿੰਡ ਹਰਿਆਊ ਦੇ ਡੇਰਾ ਬਾਬਾ ਭਾਵਾ ਦਾਸ ਵਿੱਚ ਡੀਸੀ ਸੰਦੀਪ ਰਿਸ਼ੀ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਅਧਿਕਾਰੀਆਂ ਨੇ ਜਿੱਥੇ ਪਰਾਲੀ ਸਾੜਨ ਨਾਲ ਵਾਤਾਵਰਨ ਦੇ ਹੁੰਦੇ ਨੁਕਸਾਨ ਬਾਰੇ ਜਾਣੂ ਕਰਵਾਇਆ, ਨਾਲ ਹੀ ਕਿਸਾਨਾਂ ਨੂੰ ਸਬਸਿਡੀ ’ਤੇ ਮਿਲਦੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਹਰਿਆਊ ਦੇ ਅਗਾਂਹਵਧੂ ਕਿਸਾਨ ਵਾਸਦੇਵ ਸ਼ਰਮਾ ਨੇ ਕਿਹਾ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਵੱਧ ਤੋਂ ਵੱਧ ਲੋਕਾਂ ਤੱਕ ਭੇਜੀ ਜਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਡੀਏਪੀ ਖਾਦ ਦਾ ਕੋਟਾ ਵੀ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਐੱਸਡੀਐੱਮ ਸੂਬਾ ਸਿੰਘ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement