ਪਰਾਲੀ ਪ੍ਰਦੂਸ਼ਣ: ਫ਼ਰੀਦਕੋਟ ’ਚ 230 ਮਾਮਲਿਆਂ ’ਚ ਐੱਫਆਈਆਰ ਦਰਜ
ਜਸਵੰਤ ਜੱਸ
ਫ਼ਰੀਦਕੋਟ, 14 ਨਵੰਬਰ
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਮੂਹ ਐੱਸਡੀਐੱਮਜ਼, ਖੇਤੀਬਾੜੀ ਵਿਭਾਗ, ਕਲੱਸਟਰ ਅਫਸਰ, ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਹੁਣ ਤੱਕ ਆਏ 230 ਕੇਸਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਸਮੂਹ ਅਧਿਕਾਰੀਆਂ ਨੋਡਲ, ਕਲੱਸਟਰ ਅਫ਼ਸਰਾਂ ਅਤੇ ਪੁਲੀਸ ਨੂੰ ਹੋਰ ਚੌਕਸ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰਾਂ ਵੱਲੋਂ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੀ ਹੈ। ਇਸ ਦੇ ਨਾਲ ਹੀ ਅੱਜ ਸਮੁੱਚੇ ਜ਼ਿਲ੍ਹੇ ਵਿੱਚ ਸਮੂਹ ਗ੍ਰਾਮ ਸਭਾਵਾਂ ਨਾਲ ਮੀਟਿੰਗਾਂ ਕਰਕੇ ਸਾਰੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਆਏ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ ਅੱਗ ਲੱਗਣ ਦੇ ਕੇਸਾਂ ਦੀ ਜੋ ਰਿਪੋਰਟ ਭੇਜੀ ਗਈ ਹੈ, ਉਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 230 ਕੇਸ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ ਤੇ ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਤੇ ਉਨ੍ਹਾਂ ਨੂੰ 10 ਲੱਖ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੁੱਟੀਆਂ ਵਿੱਚ ਵੀ ਸਾਰੇ ਅਧਿਕਾਰੀ, ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਰਹਿਣਗੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨਗੇ।