ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖਤੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਅਕਤੂਬਰ
ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲੇ ਵਿੱਚ ਸਖ਼ਤ ਹੋਈ ਸਰਕਾਰ ਦੇ ਆਦੇਸ਼ ’ਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਇਸ ਮਾਮਲੇ ਵਿੱਚ ਇੱਕੋ ਦਿਨ ਵਿੱਚ ਲਗਪਗ 195 ਕੇਸ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਤੋਂ ਪਹਿਲਾਂ ਹੁਣ ਤੱਕ ਸਿਰਫ ਇਸ ਮਾਮਲੇ ਵਿੱਚ 64 ਕੇਸ ਦਰਜ ਹੋਏ ਸਨ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸਰਵਉਚ ਅਦਾਲਤ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਕੋਲੋਂ ਜਵਾਬਤਲਬੀ ਕੀਤੀ ਹੈ।
ਅਦਾਲਤ ਵਿੱਚ ਜਵਾਬ ਦਾਇਰ ਕਰਨ ਤੋਂ ਪਹਿਲਾਂ ਸਰਕਾਰ ਦੇ ਆਦੇਸ਼ ਤੇ ਇਸ ਮਾਮਲੇ ਨੂੰ ਰੋਕਣ ਲਈ ਸਖਤੀ ਸ਼ੁਰੂ ਕੀਤੀ ਗਈ ਹੈ ਅਤੇ ਜਿਸ ਤਹਿਤ ਇੱਕੋ ਦਿਨ ਵਿੱਚ ਹੀ 195 ਕੇਸ ਦਰਜ ਕੀਤੇ ਹਨ। ਇਨ੍ਹਾਂ ਵਿੱਚੋਂ 41 ਕੇਸ ਅਣਪਛਾਤੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ 3 ਲੱਖ 82000 ਦੇ ਜੁਰਮਾਨੇ ਲਾਏ ਗਏ ਹਨ ਅਤੇ 151 ਕੇਸਾਂ ਵਿੱਚ ਕਿਸਾਨਾਂ ਦੇ ਜ਼ਮੀਨ ਸਬੰਧੀ ਮਾਲੀਆ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਤੇ ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਕੋਲੋਂ ਜੁਰਮਾਨੇ ਵੀ ਵਸੂਲੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਇਸ ਮਾਮਲੇ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਉਹ ਫਸਲਾਂ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਤੁਰੰਤ ਅਤੇ ਸਖਤ ਕਾਰਵਾਈ ਕਰਨ।
ਤਰਨ ਤਾਰਨ: ਪਰਾਲੀ ਸਾੜਨ ਦੇ 99 ਮਾਮਲੇ ਸਾਹਮਣੇ ਆਏ
ਤਰਨ ਤਾਰਨ(ਪੱਤਰ ਪ੍ਰੇਰਕ): ਜਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਬੀਤੇ ਦਿਨ ਭਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਖ਼ਿਲਾਫ਼ ਜ਼ਿਲ੍ਹੇ ਦਾ ਕੋਨਾ ਕੋਨਾ ਫਰੋਲ ਮਾਰਿਆ। ਪ੍ਰਸ਼ਾਸਨ ਦੀਆਂ ਟੀਮਾਂ ਨੇ 103 ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ 99 ਕੇਸ ਦਰਜ ਕੀਤੇ ਹਨ। ਇਸ ਤੋਂ ਇਕ ਦਿਨ ਪਹਿਲਾਂ ਪ੍ਰਸ਼ਾਸਨ ਨੇ 19 ਕਿਸਾਨਾਂ ਖਿਲਾਫ਼ 18 ਮਾਮਲੇ ਦਰਜ ਕੀਤੇ ਸਨ। ਬੀਤੇ ਦਿਨ ਦਰਜ ਕੀਤੇ ਮਾਮਲਿਆਂ ਵਿੱਚ 72 ਕੇਸ ਅਣਪਛਾਤੇ ਕਿਸਾਨਾਂ ਖਿਲਾਫ਼ ਦਰਜ ਕੀਤੇ ਗਏ ਹਨ। 27 ਕੇਸ 31 ਕਿਸਾਨਾਂ ਖਿਲਾਫ਼ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਦਰਜ ਕੀਤੇ ਕੇਸਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਪ੍ਰਸ਼ਾਸਨ ਦੀਆਂ ਟੀਮਾਂ ਅੱਜ ਵੀ ਖੇਤਾਂ ਵਿੱਚ ਰਹੀਆਂ ਅਤੇ ਪਰਾਲੀ ਨੂੰ ਅੱਗ ਲਗਾਉਣ ਖ਼ਿਲਾਫ਼ ਕਿਸਾਨਾਂ ਨੂੰ ਜਾਗਰੂਕ ਕੀਤਾ। ਮੁੱਖ ਖੇਤੀਬਾੜੀ ਅਧਿਕਾਰੀ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਕੁਤਾਹੀ ਕਰਨ ਵਾਲੇ 50 ਕਿਸਾਨਾਂ ਨੂੰ 1.27 ਲੱਖ ਰੁਪਏ ਦਾ ਜੁਰਮਾਨਾ ਪਾਇਆ ਗਿਆ ਹੈ ਅਤੇ 55 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆ ਗਈਆਂ ਹਨ।