For the best experience, open
https://m.punjabitribuneonline.com
on your mobile browser.
Advertisement

ਅਕਾਲ ਤਖ਼ਤ ਵੱਲੋਂ ਵਲਟੋਹਾ ਖ਼ਿਲਾਫ਼ ਸਖ਼ਤ ਕਾਰਵਾਈ

07:49 AM Oct 16, 2024 IST
ਅਕਾਲ ਤਖ਼ਤ ਵੱਲੋਂ ਵਲਟੋਹਾ ਖ਼ਿਲਾਫ਼ ਸਖ਼ਤ ਕਾਰਵਾਈ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਅਕਤੂਬਰ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖ਼ਤ ਫੈਸਲਾ ਲੈਂਦਿਆਂ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਾਰੀ ਕੀਤੇ ਗਏ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। 10 ਸਾਲ ਲਈ ਇਸ ’ਤੇ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਰੋਕ ਲਾਈ ਜਾਵੇ। ਅੱਜ ਇੱਥੇ ਅਕਾਲ ਤਖ਼ਤ ਵਿਖੇ ਇਸ ਸਬੰਧ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੀ ਅਗਵਾਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ , ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਪੰਜ ਪਿਆਰਿਆਂ ਵਿੱਚੋਂ ਭਾਈ ਸੁਖਦੇਵ ਸਿੰਘ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਅਕਾਲ ਤਖ਼ਤ ਵਿਖੇ ਸਬੂਤਾਂ ਸਣੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ। ਉਹ ਅੱਜ ਅਕਾਲ ਤਖ਼ਤ ਵਿਖੇ ਪੁੱਜਾ ਅਤੇ ਉਸ ਨੇ ਆਪਣਾ ਸਪੱਸ਼ਟੀਕਰਨ ਸੌਂਪਿਆ। ਲਗਪਗ ਦੋ ਘੰਟੇ ਤੋਂ ਵੱਧ ਚੱਲੀ ਪ੍ਰਕਿਰਿਆ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਲਟੋਹਾ ਸਿੰਘ ਸਾਹਿਬਾਨ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ਸਬੂਤਾਂ ਸਣੇ ਸਾਬਤ ਕਰਨ ਵਿੱਚ ਅਸਫ਼ਲ ਰਿਹਾ। ਉਸ ਵੱਲੋਂ ਇਸ ਮਾਮਲੇ ਵਿੱਚ ਲਿਖਤੀ ਤੌਰ ’ਤੇ ਮੁਆਫ਼ੀ ਵੀ ਮੰਗੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਉਸ ਖ਼ਿਲਾਫ਼ ਕਾਰਵਾਈ ਦਾ ਫੈਸਲਾ ਕੀਤਾ ਗਿਆ।

Advertisement

ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ। ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਰੀ ਕੀਤੇ ਗਏ ਆਦੇਸ਼ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲਾਗੂ ਕਰਨ ਵਿੱਚ ਕੋਈ ਸੰਕਟ ਨਾ ਆਏ ਇਸ ਲਈ ਉਹ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਹਮੇਸ਼ਾ ਹੀ ਸੰਗਤ ਨੂੰ ਅਕਾਲੀ ਦਲ ਨਾਲ ਜੋੜਿਆ ਜਾਂਦਾ ਰਿਹਾ ਹੈ ਪਰ ਇਹ ਉਨ੍ਹਾਂ ਦੇ ਮਾਮਲੇ ਵਿੱਚ ਉਸ ਨੂੰ ਅਕਾਲੀ ਦਲ ਤੋਂ ਤੋੜਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣਾ ਪੱਖ ਸਿੰਘ ਸਾਹਿਬਾਨ ਅੱਗੇ ਰੱਖਿਆ ਹੈ, ਜਿਸ ਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਹ ਸਾਰੀ ਵੀਡੀਓਗ੍ਰਾਫੀ ਮੀਡੀਆ ਨੂੰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਕੱਲ੍ਹ ਨੂੰ ਖੁਦ ਇਸ ਨੂੰ ਜਨਤਕ ਕਰ ਦੇਣਗੇ।

Advertisement
Author Image

joginder kumar

View all posts

Advertisement