ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਪੱਤਰ ਪ੍ਰੇਰਕ
ਜਲੰਧਰ, 5 ਅਕਤੂਬਰ
ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੁੱਲ 13 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, 528 ਨੋਟਿਸ ਜਾਰੀ ਕੀਤੇ ਗਏ ਹਨ ਅਤੇ 1 ਜਨਵਰੀ 2024 ਤੋਂ ਹੁਣ ਤੱਕ ਕੁੱਲ 29,214 ਟ੍ਰੈਫਿਕ ਚਲਾਨ ਕੀਤੇ ਗਏ ਹਨ। ਕੁੱਲ 2,46,66,000 ਰੁਪਏ ਜੁਰਮਾਨਾ ਵਸੂਲਿਆ ਗਿਆ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਅੱਡਾ ਹੁਸ਼ਿਆਰਪੁਰ, ਜੇਲ੍ਹ ਚੌਕ, ਕਮਲ ਪੈਲੇਸ ਰੋਡ ਅਤੇ ਰੇਲਵੇ ਸਟੇਸ਼ਨ ਰੋਡ ਸਮੇਤ ਕੁਝ ਸੜਕਾਂ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਵਨ-ਵੇਅ ਐਲਾਨਿਆ ਗਿਆ ਹੈ ਤਾਂ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕੀਤਾ ਜਾ ਸਕੇੇ। ਉਨ੍ਹਾਂ ਕਿਹਾ ਕਿ ਇਹ ਸਮੁੱਚਾ ਸਿਸਟਮ ਐਮਰਜੈਂਸੀ ਰਿਸਪਾਂਸ ਸਿਸਟਮ ਅਧੀਨ ਕੰਮ ਕਰਦਾ ਹੈ ਅਤੇ ਇਸ ਮੁਹਿੰਮ ਦੇ ਹਿੱਸੇ ਵਜੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।