For the best experience, open
https://m.punjabitribuneonline.com
on your mobile browser.
Advertisement

ਸ੍ਰੀ ਅਕਾਲ ਤਖ਼ਤ ਵੱਲੋਂ ਅਕਾਲੀ ਆਗੂ ਵਲਟੋਹਾ ਖ਼ਿਲਾਫ਼ ਸਖਤ ਕਾਰਵਾਈ

02:42 PM Oct 15, 2024 IST
ਸ੍ਰੀ ਅਕਾਲ ਤਖ਼ਤ ਵੱਲੋਂ ਅਕਾਲੀ ਆਗੂ ਵਲਟੋਹਾ ਖ਼ਿਲਾਫ਼ ਸਖਤ ਕਾਰਵਾਈ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ ,15 ਅਕਤੂਬ

Advertisement

ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖਤ ਫੈਸਲਾ ਲੈਂਦਿਆਂ ਉਨ੍ਹਾਂ ਨੂੰ 10 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਾਰੀ ਕੀਤੇ ਗਏ ਹਨ। ਜਿਸ ਵਿੱਚ ਆਖਿਆ ਗਿਆ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਬਰਖਾਸਤ ਕੀਤਾ ਜਾਵੇ ਅਤੇ 10 ਸਾਲ ਲਈ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਰੋਕ ਲਾਈ ਜਾਵੇ।

Advertisement

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਇੱਕ ਮੈਂਬਰ ਹਰਦੇਵ ਸਿੰਘ ਰੋਗਲਾ ਨੂੰ ਵੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਪ੍ਰਸੰਸਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ ਹੈ।
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੀ ਅਕਾਲ ਤਖਤ ਵਿਖੇ ਸਬੂਤਾਂ ਸਮੇਤ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ। ਅੱਜ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਤੋਂ ਸਿੰਘ ਸਾਹਿਬਾਨ ਸੰਤੁਸ਼ਟ ਨਹੀਂ ਹੋਏ।

ਲੱਗਭੱਗ ਦੋ ਘੰਟੇ ਤੋਂ ਵੱਧ ਚੱਲੀ ਸਮੁੱਚੀ ਪ੍ਰਕਿਰਿਆ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਖ਼ਿਲਾਫ਼ ਕੁਝ ਦੋਸ਼ ਸਾਬਤ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਵਲਟੋਹਾ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਮਾਮਲਿਆਂ ਵਿੱਚ ਸਖ਼ਤ ਫੈਸਲਾ ਲੈਣ ਲਈ ਬੀਜੇਪੀ ਅਤੇ ਆਰਐਸਐਸ ਵੱਲੋਂ ਜਥੇਦਾਰ ਸਾਹਿਬਾਨ ਤੇ ਦਬਾਅ ਪਾਏ ਜਾਣ ਸਬੰਧੀ ਲਾਏ ਗਏ ਦੋਸ਼ਾਂ ਬਾਰੇ ਉਹ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤੇ ਜਾ ਸਕੇ। ਇਸ ਤੋਂ ਇਲਾਵਾ ਅਕਾਲੀ ਆਗੂ ਵੱਲੋਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਦੇ ਘਰ ਜਾ ਕੇ ਸੁਖਬੀਰ ਸਿੰਘ ਬਾਦਲ ਦੇ ਚਲਦੇ ਮਾਮਲੇ ’ਤੇ ਰਾਜਨੀਤਿਕ ਫੈਸਲਾ ਨਾ ਲੈਣ ਸਬੰਧੀ ਧਮਕੀ ਦੇਣ ਦਾ ਵੀ ਦੋਸ਼ ਹੈ। ਕਿਹਾ ਗਿਆ ਹੈ ਕਿ ਜਥੇਦਾਰ ਨਾਲ ਹੋਈ ਗੱਲਬਾਤ ਦੀ ਬਿਨਾਂ ਦੱਸੇ ਰਿਕਾਰਡਿੰਗ ਕਰਕੇ ਵਿਸ਼ਵਾਸ ਘਾਤ ਕੀਤਾ ਗਿਆ ਹੈ।

ਅੱਜ ਪੇਸ਼ ਹੋਣ ਮੌਕੇ ਵਲਟੋਹਾ ਜਥੇਦਾਰ ਸਾਹਿਬਾਨ ਦੀਆਂ ਵਿਦੇਸ਼ਾਂ ਵਿੱਚ ਜਾਇਦਾਦਾਂ ਸਬੰਧੀ ਦਿੱਤੇ ਗਏ ਬਿਆਨ ਬਾਰੇ ਵੀ ਉਹ ਕੋਈ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਬਤੌਰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਜੋਂ ਮੀਡੀਆ ਵਿੱਚ ਬਦਜੁਬਾਨੀ ਕਰਕੇ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਵੀ ਨੁਕਸਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਾਵੇਂ ਵਿਰਸਾ ਸਿੰਘ ਵਲਟੋਹਾ ਵੱਲੋਂ ਲਿਖਤੀ ਰੂਪ ਵਿੱਚ ਗਲਤੀਆਂ ਦੀ ਮੁਆਫ਼ੀ ਮੰਗੀ ਗਈ ਹੈ ਪਰ ਮੀਡੀਆ ਵਿੱਚ ਕੀਤੀ ਗਈ ਬਿਆਨਬਾਜ਼ੀ ਨਾਲ ਤਖ਼ਤ ਸਾਹਿਬਾਨ ਦੀ ਮਾਨ ਮਰਿਆਦਾ ਨੂੰ ਭਾਰੀ ਢਾਹ ਲੱਗੀ ਹੈ। ਜਿਸ ਤਹਿਤ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ।
ਜਥੇਦਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਸਦਾ ਵਤੀਰਾ ਨਾ ਬਦਲਿਆ ਤਾਂ ਉਸ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Author Image

Puneet Sharma

View all posts

Advertisement