ਕਲੋਨਾਈਜ਼ਰਾਂ ਨੇ ਕੌਂਸਲ ਦੀ ਫੀਸ ਨਾ ਭਰੀ ਤਾਂ ਸਖ਼ਤ ਕਾਰਵਾਈ ਹੋਵੇਗੀ: ਮਾਨ
ਮਿਹਰ ਸਿੰਘ
ਕੁਰਾਲੀ, 30 ਜੁਲਾਈ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਥਾਨਕ ਸ਼ਹਿਰ ਦਾ ਦੌਰਾ ਕਰਦਿਆਂ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਯੋਜਨਾਬੱਧ ਵਿਕਾਸ ਲਈ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕੀਤੀ। ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹਿਰ ਦੇ ਕਲੋਨਾਈਜ਼ਰਾਂ ਵੱਲ ਖੜ੍ਹੇ ਕਰੀਬ 26 ਕਰੋੜ ਰੁਪਏ ਦੀ ਰਾਸ਼ੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਲੋਨਾਈਜ਼ਰਾਂ ਨੂੰ ਇਹ ਰਕਮ ਜਮ੍ਹਾਂ ਕਰਵਾਉਣ ਅਤੇ ਜਾਂ ਫਿਰ ਕਾਰਵਾਈ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਅਤੇ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਵੀ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੇ ਸ਼ਹਿਰ ’ਚ ਸਾਫ਼-ਸਫ਼ਾਈ ਦਾ ਖ਼ਾਸ ਖਿਆਲ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਦੂਸ਼ਿਤ ਪਾਣੀ ਅਤੇ ਮੱਛਰਾਂ ਨਾਲ ਫ਼ੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।
ਕੌਂਸਲ ਦੀ ਮੀਟਿੰਗ ਵਿੱਚ ਮੀਡੀਆ ’ਤੇ ਪਾਬੰਦੀ ਗਲਤ: ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੌਂਸਲ ਦੀਆਂ ਮੀਟਿੰਗਾਂ ਵਿੱਚ ਮੀਡੀਆ ਦੀ ਪਾਬੰਦੀ ਨੂੰ ਗਲਤ ਦੱਸਦਿਆਂ ਕਿਹਾ ਕਿ ਜਦੋਂ ਮੀਡੀਆ ਨੂੰ ਵਿਧਾਨ ਸਭਾ ਵਿੱਚ ਜਾ ਕੇ ਕਵਰੇਜ ਕਰਨ ਦੀ ਖੁੱਲ੍ਹ ਹੈ ਤਾਂ ਕੌਂਸਲ ਦੀ ਮੀਟਿੰਗ ਵਿੱਚ ਪਾਬੰਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੌਂਸਲ ਤੇ ਕੌਂਸਲਰਾਂ ਦੀ ਕਾਰਗੁਜ਼ਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਮੀਟਿੰਗ ਵਿੱਚ ਮੀਡੀਆ ਦੀ ਸ਼ਮੂਲੀਅਤ ਤੇ ਕਵਰੇਜ ਹੋਣੀ ਜ਼ਰੂਰੀ ਹੈ।