ਗੈਰਕਾਨੂੰਨੀ ਕਲੋਨਾਈਜ਼ਰਾਂ ਖ਼ਿਲਾਫ਼ ਬਣੇਗਾ ਸਖ਼ਤ ਕਾਨੂੰਨ: ਭਗਵੰਤ ਮਾਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ’ਤੇ ਐੱਨ.ਓ.ਸੀ ਖਤਮ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਅੱਜ ਗੈਰ-ਕਾਨੂੰਨੀ ਕਲੋਨਾਈਜ਼ਰਾਂ ਖ਼ਿਲਾਫ਼ ਸਖ਼ਤੀ ਕਰਨ ਵਾਸਤੇ ਨਵੇਂ ਕਾਨੂੰਨ ਦਾ ਖਰੜਾ ਤਿਆਰ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਭਵਿੱਖ ਵਿਚ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਨੂੰ ਰੋਕਿਆ ਜਾ ਸਕੇ। ਮੁੱੱਖ ਮੰਤਰੀ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਵੇਂ ਕਾਨੂੰਨ ਤਿਆਰ ਕਰਨ ਵਾਸਤੇ ਬਿੱਲ ਦਾ ਖਰੜਾ ਤਿਆਰ ਕੀਤੇ ਜਾਣ ਦੀ ਹਦਾਇਤ ਕੀਤੀ। ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਸੈਸ਼ਨ ਵਿਚ ਇਸ ਬਿੱਲ ਨੂੰ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਪੰਜਾਬ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਜੋ ਨਵਾਂ ਕਾਨੂੰਨ ਬਣੇਗਾ, ਉਸ ਨਾਲ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਵੇਗੀ। ਮੁੱਖ ਮੰਤਰੀ ਨੇ ਮੀਟਿੰਗ ਵਿਚ ਕਿਹਾ ਕਿ ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰ ਆਮ ਲੋਕਾਂ ਨੂੰ ਸਬਜ਼ਬਾਗ ਦਿਖਾ ਆਪਣੀਆਂ ਗੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਮਗਰੋਂ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਠੋਕਰਾਂ ਖਾਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਲੋਨਾਈਜ਼ਰ ਗੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।
ਅਵਾਰਾ ਪਸ਼ੂਆਂ ਦੀ ਸੰਭਾਲ ਲਈ ਪ੍ਰਾਜੈਕਟ
ਮੁੱਖ ਮੰਤਰੀ ਨੇ ਅੱਜ ਇੱਕ ਹੋਰ ਮੀਟਿੰਗ ਦੌਰਾਨ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਬਠਿੰਡਾ ਅਤੇ ਪਟਿਆਲਾ ਵਾਸਤੇ ਦੋ ਪ੍ਰਾਜੈਕਟ ਸ਼ੁਰੂ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਸਰਕਾਰ ਨੇ ਇਨ੍ਹਾਂ ਅਵਾਰਾ ਪਸ਼ੂਆਂ ਵਾਸਤੇ ਜੰਗਲਾਤ ਬੀੜਾਂ ਦੀ ਸਨਾਖਤ ਕੀਤੀ ਸੀ ਪ੍ਰੰਤੂ ਜੰਗਲਾਤ ਵਿਭਾਗ ਦੇ ਨਾਰਮਜ ਇਸ ਦੀ ਇਜ਼ਾਜਤ ਨਹੀਂ ਦਿੰੰਦੇ ਹਨ ਜਿਸ ਕਰਕੇ ਮੁਢਲੇ ਪੜਾਅ ’ਤੇ ਦੋ ਸ਼ਹਿਰਾਂ ਵਿਚ ਅਵਾਰਾ ਪਸ਼ੂਆਂ ਦੀ ਸੰਭਾਲ ਵਾਸਤੇ ਪ੍ਰੋਜੈਕਟ ਕੀਤਾ ਜਾਣਾ ਹੈ।