For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਵੱਲੋਂ ਭਾਜਪਾ ਨੂੰ ਪ੍ਰਚਾਰ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ

07:56 AM May 10, 2024 IST
ਚੋਣ ਕਮਿਸ਼ਨ ਵੱਲੋਂ ਭਾਜਪਾ ਨੂੰ ਪ੍ਰਚਾਰ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਚੋਣ ਕਮਿਸ਼ਨ ਨੇ ਸੰਘਰਸ਼ੀ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਅੱਜ ਇਸੇ ਦੌਰਾਨ ਮੁੱਖ ਚੋਣ ਅਧਿਕਾਰੀ ਨਾਲ ਕਿਸਾਨ ਆਗੂਆਂ ਨੇ ਮੀਟਿੰਗ ਵੀ ਕੀਤੀ। ਮੁੱਖ ਚੋਣ ਅਧਿਕਾਰੀ ਨੇ ਸਿਬਿਨ. ਸੀ ਨੇ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।
ਚੇਤੇ ਰਹੇ ਕਿ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਘੇਰ ਕੇ ਸੁਆਲ ਕੀਤੇ ਜਾ ਰਹੇ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਮੁੱਖ ਚੋਣ ਅਧਿਕਾਰੀ ਨੂੰ ਮੰਗ ਪੱਤਰ ਦੇ ਕੇ ਕਿਹਾ ਸੀ ਕਿ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਮਗਰੋਂ ਅੱਜ ਮੁੱਖ ਚੋਣ ਅਧਿਕਾਰੀ ਨੇ ਪੱਤਰ ਜਾਰੀ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਮੁੱਖ ਚੋਣ ਅਧਿਕਾਰੀ ਨੇ ਬਿਨਾਂ ਕਿਸੇ ਪਾਰਟੀ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਹੈ ਕਿ ਜ਼ਿਲ੍ਹਾ ਚੋਣ ਅਧਿਕਾਰੀ ਚੋਣ ਪ੍ਰਚਾਰ ਵਾਸਤੇ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰ ਕੇ ਉਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਲਿਖਿਆ ਹੈ ਕਿ ਦਫ਼ਾ 144 ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

Advertisement

ਉਮੀਦਵਾਰਾਂ ਨਾਲ ਆਉਂਦੇ ਖਰੂਦੀ ਲੋਕਾਂ ਨੂੰ ਰੋਕਿਆ ਜਾਵੇ: ਕਿਸਾਨ ਆਗੂ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਦੇ ਕੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਸੇਧ ਲੈਂਦਿਆਂ ਕਿਸਾਨਾਂ ਨੇ ਉਮੀਦਵਾਰਾਂ ਤੋਂ ਸੁਆਲ ਪੁੱਛਣ ਦੀ ਰਵਾਇਤ ਪਾਈ ਹੈ ਪ੍ਰੰਤੂ ਉਮੀਦਵਾਰਾਂ ਨੂੰ ਇਹ ਵਰਤਾਰਾ ਅਜੀਬ ਲੱਗਦਾ ਹੈ ਕਿਉਂਕਿ ਉਹ ਆਪਣੇ ਆਪ ਨੂੰ ਆਮ ਲੋਕਾਂ ਤੋਂ ਉਪਰ ਸਮਝਦੇ ਹਨ। ਉਮੀਦਵਾਰ ਆਪਣੇ ਨਾਲ ਖਰੂਦੀ ਲੋਕਾਂ ਨੂੰ ਨਾਲ ਲੈ ਕੇ ਆਉਂਦੇ ਹਨ ਜੋ ਕਿਸਾਨਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਖਰੂਦੀ ਲੋਕ ਹੀ ਹਿੰਸਕ ਹੁੰਦੇ ਹਨ। ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਗੈਰ ਸੰਵਿਧਾਨਿਕ ਸਥਿਤੀ ਪੈਦਾ ਨਹੀਂ ਹੋਣ ਦੇਣਗੇ। ਜੇ ਅਜਿਹੇ ਖਰੂਦੀ ਲੋਕਾਂ ਨੂੰ ਨਾ ਰੋਕਿਆ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਚੋਣ ਕਮਿਸ਼ਨ ਖ਼ੁਦ ਜ਼ਿੰਮੇਵਾਰ ਹੋਵੇਗਾ।

Advertisement
Author Image

joginder kumar

View all posts

Advertisement
Advertisement
×