ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਵੱਲੋਂ ਡਿਫਾਲਟਰਾਂ ਖ਼ਿਲਾਫ਼ ਸਖ਼ਤੀ ਦੇ ਆਦੇਸ਼

09:04 AM Oct 26, 2024 IST
ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦੀ ਇਮਾਰਤ ਦੀ ਬਾਹਰੀ ਝਲਕ।

ਮੁਕੇਸ਼ ਕੁਮਾਰ
ਚੰਡੀਗੜ੍ਹ, 25 ਅਕਤੂਬਰ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਰਥਿਕ ਸੰਕਟ ’ਚੋਂ ਲੰਘ ਰਹੀ ਚੰਡੀਗੜ੍ਹ ਨਗਰ ਨਿਗਮ ਨੂੰ ਮੌਜੂਦਾ ਸਮੇਂ ਕੋਈ ‘ਵਿਸ਼ੇਸ਼ ਗਰਾਂਟ’ ਜਾਰੀ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਨਗਰ ਨਿਗਮ ਲਈ ਮੁਸ਼ਕਿਲ ਖੜ੍ਹੀ ਹੋ ਗਈ ਹੈ। ਜੇਕਰ ਅਜਿਹੀ ਹੀ ਹਾਲਤ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਨੂੰ ਆਪਣੇ ਕਰਮਚਾਰੀਆਂ ਨੂੰ ਤਨਖਾਹ ਦੇਣ ਦੇ ਲਾਲੇ ਪੈ ਸਕਦੇ ਹਨ। ਪ੍ਰਸ਼ਾਸਨ ਵੱਲੋਂ ਨਗਰ ਨਿਗਮ ਨੂੰ ਵਾਧੂ ਫ਼ੰਡ ਦੇਣ ਤੋਂ ਨਾਂਹ ਕੀਤੇ ਜਾਣ ਤੋਂ ਬਾਅਦ ਮੇਅਰ ਕੁਲਦੀਪ ਕੁਮਾਰ ਨੇ ਨਿਗਮ ਪ੍ਰਸ਼ਾਸਨ ਅਤੇ ਸਮੂਹ ਕੌਂਸਲਰਾਂ ਨੂੰ ਪੱਤਰ ਲਿਖ ਕੇ ਨਿਗਮ ਦੀ ਆਮਦਨ ਵਧਾਉਣ ਲਈ ਉਪਰਾਲੇ ਕਰਨ ਦੀ ਅਰਜ਼ੋਈ ਕੀਤੀ ਹੈ। ਮੇਅਰ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਨਗਰ ਨਿਗਮ ਦੀ ਦੇਣਦਾਰੀ ਦੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਕੇ ਉਨ੍ਹਾਂ ’ਤੇ ਵਸੂਲੀ ਲਈ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨਿਗਮ ਪ੍ਰਸ਼ਾਸਨ ਨੂੰ ਜਾਰੀ ਚਿੱਠੀ ਵਿੱਚ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਅਤੇ ਪਾਣੀ ਦੇ ਬਿੱਲਾਂ ਦੇ ਡਿਫਾਲਟਰਾਂ ਤੋਂ ਸੱਤ ਦਿਨਾਂ ਦੇ ਅੰਦਰ ਵਸੂਲੀ ਲਈ ਉਪਰਾਲੇ ਕਰਨ ਨੂੰ ਕਿਹਾ ਹੈ। ਉਨ੍ਹਾਂ ਇਹ ਤਜਵੀਜ਼ ਵੀ ਦਿੱਤੀ ਹੈ ਕਿ ਨਗਰ ਨਿਗਮ ਦੇ ਡਿਫਾਲਟਰ ਸ਼ਹਿਰ ਵਾਸੀਆਂ ਸਣੇ ਦੁਕਾਨਦਾਰਾਂ, ਉਦਯੋਗਪਤੀਆਂ, ਪੀਜੀਆਈ, ਪੰਜਾਬ ਯੂਨੀਵਰਸਿਟੀ ਅਤੇ ਹੋਰ ਸਰਕਾਰੀ ਅਦਾਰਿਆਂ ਵਿਰੁੱਧ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਵਿੱਚ ਸਥਿਤ ਪੰਜਾਬ, ਹਰਿਆਣਾ ਅਤੇ ਯੂਟੀ ਸਕੱਤਰੇਤ ਆਦਿ ਦੀਆਂ ਇਮਾਰਤਾਂ ਨੂੰ ਟੈਕਸ ਅਤੇ ਪਾਣੀ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਅੰਤਿਮ ਨੋਟਿਸ ਜਾਰੀ ਕੀਤਾ ਜਾਵੇ।
ਮੇਅਰ ਨੇ ਅਜਿਹੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਕਿਹਾ ਕਿ ਡਿਫਾਲਟਰ ਸਮੇਂ ਸਿਰ ਟੈਕਸ ਜਾਂ ਹੋਰ ਬਕਾਇਆ ਰਾਸ਼ੀ ਜਮ੍ਹਾਂ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ ਤਾਂ ਉਕਤ ਜਾਇਦਾਦ ਅਤੇ ਪਾਣੀ ਦੇ ਮੀਟਰ ਸੀਲ ਕਰਨ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀ ਜਾਵੇ ਅਤੇ ਉਕਤ ਜਾਇਦਾਦ ਨੂੰ ਕਾਨੂੰਨ ਅਨੁਸਾਰ ਸੀਲ ਕਰ ਦਿੱਤਾ ਜਾਵੇ। ਇਸ ਦੇ ਨਾਲ ਹੀ ਮੇਅਰ ਕੁਲਦੀਪ ਕੁਮਾਰ ਨੇ ਨਿਗਮ ਦੀ ਵਿੱਤੀ ਹਾਲਤ ਵਿੱਚ ਸੁਧਾਰ ਕਰਨ ਲਈ ਨਗਰ ਨਿਗਮ ਦੇ ਸਮੂਹ ਕੌਂਸਲਰਾਂ ਨੂੰ ਵੀ ਇੱਕ ਚਿੱਠੀ ਜਾਰੀ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਹੈ ਕਿ ਨਗਰ ਨਿਗਮ ਕੋਲ ਫੰਡਾਂ ਦੀ ਭਾਰੀ ਕਮੀ ਹੈ, ਇਸ ਲਈ ਸਮੂਹ ਕੌਂਸਲਰ ਨਗਰ ਨਿਗਮ ਦੇ ਮਾਲੀ ਹਾਲਾਤ ਸੁਧਾਰਨ ਲਈ ਸੱਤ ਦਿਨਾਂ ਦੇ ਅੰਦਰ ਆਪੋ-ਆਪਣੇ ਕੀਮਤੀ ਸੁਝਾਅ ਦੇਣ। ਆਰਥਿਕ ਸੰਕਟ ’ਚੋਂ ਲੰਘ ਰਹੀ ਨਿਗਮ ਦੇ ਮੌਜੂਦਾ ਹਾਲਾਤ ਬਾਰੇ ਲੰਘੇ ਦਿਨ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਮੀਟਿੰਗ ਸੱਦੀ ਸੀ, ਜਿਸ ਵਿੱਚ ਪ੍ਰਸ਼ਾਸਕ ਨੇ ਨਗਰ ਨਿਗਮ ਨੂੰ ਕਿਸੇ ਵੀ ਤਰ੍ਹਾਂ ਦਾ ਹੋਰ ਵਾਧੂ ਫ਼ੰਡ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਨਿਗਮ ਲਈ ਆਮਦਨੀ ਦੇ ਸਰੋਤ ਵਧਾਉਣ ਦੀ ਨਸੀਹਤ ਦਿੱਤੀ ਸੀ।

Advertisement

Advertisement