ਚੰਡੀਗੜ੍ਹ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 29 ਜੂਨ
ਚੰਡੀਗੜ੍ਹ ਸ਼ਹਿਰ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਦੀਆਂ ਵਸਤਾਂ ਦੇ ਵਰਤੋਂ ’ਤੇ ਲੱਗੀ ਪਾਬੰਦੀ ਦੇ ਹੁਕਮਾਂ ਨੂੰ ਅਣਗੌਲਿਆਂ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ। ਪਾਬੰਦੀ ਦੇ ਬਾਵਜੂਦ ਪਲਾਸਟਿਕ ਦੀ ਇਤਰਾਜ਼ਯੋਗ ਸਮੱਗਰੀ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਨਿਗਮ ਨੇ ਸਖ਼ਤੀ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਨੇ ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਲਈ ਪਹਿਲੀ ਜੁਲਾਈ ਤੋਂ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ, ਵਪਾਰੀਆਂ ਤੇ ਨਾਗਰਿਕਾਂ ’ਤੇ ਭਾਰੀ ਜੁਰਮਾਨੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਿਯਮਾਂ ਦੇ ਤਹਿਤ ਸਿੰਗਲ-ਯੂਜ਼ ਪਲਾਸਟਿਕ ਬੈਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਪਹਿਲੇ ਅਪਰਾਧ ਲਈ ਭਾਰੀ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ ਅਤੇ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰਾਂ ਨੂੰ ਅਸਥਾਈ ਤੌਰ ’ਤੇ ਜਾਂ ਸਥਾਈ ਤੌਰ ’ਤੇ ਬੰਦ ਕਰਨ ਸਣੇ ਹੋਰ ਵੀ ਸਖ਼ਤ ਜੁਰਮਾਨਿਆਂ ਸਣੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਵਲੋਂ ਇੰਸਪੈਕਟਰਾਂ ਦੀ ਅਗਵਾਈ ਹੇਠ ਟੀਮ ਤਾਇਨਾਤ ਕੀਤੀ ਗਈ ਹੈ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਦਾਰਿਆਂ ਦੀ ਨਿਯਮਤ ਤੌਰ ’ਤੇ ਜਾਂਚ ਕਰੇਗੀ। ਨਿਗਮ ਦੀਆਂ ਟੀਮਾਂ ਸ਼ਹਿਰ ਦੀਆਂ ਮਾਰਕੀਟਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਜਾਂ ਵੇਚਣ ਵਾਲੇ ਹੋਰ ਕਾਰੋਬਾਰੀਆਂ ਦੀ ਜਾਂਚ ਕਰਨਗੀਆਂ ਅਤੇ ਡਿਫਾਲਟਰ ਦੁਕਾਨਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨਗੀਆਂ। ਨਿਗਮ ਕਮਿਸ਼ਨਰ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਖ਼ਰੀਦਦਾਰੀ ਕਰਨ ਵੇਲੇ ਆਪਣੇ ਨਾਲ ਕੱਪੜੇ ਦੇ ਬੈਗ ਲਿਆਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਸ਼ਹਿਰ ਵਿੱਚ ਸਿੰਗਲ ਯੂਜ਼ (ਡਿਸਪੋਜ਼ਲ) ਤੇ ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਕਈ ਦੁਕਾਨਦਾਰ ਨਿਗਮ ਦੇ ਆਦੇਸ਼ਾਂ ਨੂੰ ਟਿੱਚ ਜਾਣਦੇ ਹੋਏ ਪਾਬੰਦੀਸ਼ੁਦਾ ਵਸਤਾਂ ਦੀ ਵਰਤੋਂ ਕਰ ਰਹੇ ਹਨ। ਸਭ ਤੋਂ ਜ਼ਿਆਦਾ ਮਾੜਾ ਹਾਲ ਸ਼ਹਿਰ ਦੀਆਂ ਸਬਜ਼ੀ ਮੰਡੀਆਂ ਵਿੱਚ ਹੈ ਜਿੱਥੇ ਫਲ ਤੇ ਸਬਜ਼ੀ ਵਿਕਰੇਤਾ ਅਤੇ ਸ਼ਹਿਰ ਵਿੱਚ ਰੇਹੜੀ-ਫੜ੍ਹੀ ਵਾਲੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰ ਰਹੇ ਹਨ।