ਹਰਿਆਣਾ ਵਿੱਚ ਡਾਕਟਰਾਂ ਵੱਲੋਂ ਹੜਤਾਲ, ਹਸਪਤਾਲਾਂ ਵਿੱਚ ਸੇਵਾਵਾਂ ਠੱਪ
ਚੰਡੀਗੜ੍ਹ, 25 ਜੁਲਾਈ
ਹਰਿਆਣਾ ਦੇ ਸਰਕਾਰੀ ਡਾਕਟਰ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਅੱਜ ਬੇਮਿਆਦੀ ਹੜਤਾਲ ’ਤੇ ਚਲੇ ਗਏ ਹਨ ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਤ ਹੋਈਆਂ ਹਨ। ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਐੱਚਸੀਐੱਮਐੱਸਏ) ਦੀ ਅਗਵਾਈ ਵਿੱਚ ਡਾਕਟਰ ਹੜਤਾਲ ਕਰ ਰਹੇ ਹਨ। ਇਹ ਐਸੋਸੀਏਸ਼ਨ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਨੁਮਾਇੰਦਗੀ ਕਰਦੀ ਹੈ। ਇਸ ਮਸਲੇ ਦੇ ਹੱਲ ਲਈ ਸਰਕਾਰੀ ਨੁਮਾਇੰਦਿਆਂ ਵੱਲੋਂ ਇੱਥੇ ਡਾਕਟਰਾਂ ਦੀ ਜਥੇਬੰਦੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਗੱਲਬਾਤ ਦੁਪਹਿਰ ਬਾਅਦ ਸ਼ੁਰੂ ਹੋਈ ਹੈ।
ਡਾਕਟਰਾਂ ਦੀਆਂ ਮੰਗਾਂ ਵਿੱਚ ਡਾਕਟਰਾਂ ਦੇ ਮਾਹਿਰ ਕੈਡਰ ਦਾ ਗਠਨ, ਸੀਨੀਅਰ ਮੈਡੀਕਲ ਅਫਸਰਾਂ (ਐੱਸਐੱਮਓ) ਦੀ ਸਿੱਧੀ ਭਰਤੀ ਨਾ ਕਰਨ, ਪੋਸਟ ਗ੍ਰੈਜੂਏਟ ਕੋਰਸਾਂ ਲਈ ਬਾਂਡ ਰਾਸ਼ੀ ਘੱਟ ਕਰਨ ਆਦਿ ਸ਼ਾਮਲ ਹਨ। ਐਸੋਸੀਏਸ਼ਨ ਦੇ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਬੰਦ ਕਰਨ ਦਾ ਸੱਦਾ ਦਿੱਤਾ ਗਿਆ। ਉਧਰ ਸੂਬਾ ਸਰਕਾਰ ਨੇ ਹੜਤਾਲ ਕਾਰਨ ਮਰੀਜ਼ਾਂ ’ਤੇ ਪੈਣ ਵਾਲੇ ਅਸਰ ਬਾਰੇ ਵਿਚਾਰ ਕਰਨ ਦਾ ਐਸੋਸੀਏਸ਼ਨ ਨੂੰ ਅਪੀਲ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲੀਆ ਨੇ ਕਿਹਾ, ‘‘ਸੂਬੇ ਵਿੱਚ ਵੱਖ-ਵੱਖ ਸਰਕਾਰੀ ਹਸਪਤਾਲਾਂ ਦੇ ਡਾਕਟਰ ਅਣਮਿਥੇ ਸਮੇਂ ਲਈ ਹੜਤਾਲ ’ਤੇ ਹਨ ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।’’ ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਦੀ ਸੂਰਤ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ ਰਹੇਗੀ। -ਪੀਟੀਆਈ