ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵੱਲੋਂ ਧਰਨਾ
ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਸਤੰਬਰ
ਇੱਥੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਵੱਲੋਂ ਲਹਿਰਾਗਾਗਾ-ਮੂਨਕ-ਖਨੌਰੀ ਸਟੇਸ਼ਨਾਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਬੰਦ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਵੱਲੋਂ 6-6 ਮਹੀਨੇ ਤਨਖਾਹ ਨਹੀਂ ਦਿੱਤੀ ਜਾਂਦੀ ਅਤੇ ਉਨ੍ਹਾਂ ਦਾ ਬਣਦਾ ਬਕਾਇਆ ਅੱਜ ਤੱਕ ਕੰਪਨੀ ਵੱਲੋਂ ਖਾਤਿਆਂ ਵਿੱਚ ਨਹੀਂ ਪਾਇਆ ਗਿਆ। ਕਾਰਜਕਾਰੀ ਇੰਜਨੀਅਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਧਿਕਾਰੀਆਂ ਦੇ ਕੰਨ ’ਤੇ ਜੂੰ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਪਰਿਵਾਰ ਪਾਲ ਰਹੇ ਹਨ ਤੇ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਵੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਮਾਰਚ 2020 ਵਿੱਚ ਹੋਏ ਘੱਟੋ ਘੱਟ ਉਜਰਤਾਂ ਵਿੱਚ ਹੋਏ ਵਾਧੇ ਦੇ 416 ਰੁਪਏ ਦਾ ਬਕਾਇਆ ਹੁਣ ਤੱਕ ਨਹੀਂ ਦਿੱਤਾ ਗਿਆ।
ਸੀਵਰਮੈਨਾਂ ਨੂੰ ਸਾਬਣ ਤੇ ਤੇਲ ਸਮੇਤ ਹੋਰ ਲੋੜੀਂਦਾ ਦਾ ਸਾਮਾਨ ਨਹੀਂ ਦਿੱਤਾ ਜਾਂਦਾ। ਇਸ ਮੌਕੇ ਸੂਬਾ ਖਜ਼ਾਨਚੀ ਗੁਰਵਿੰਦਰ ਸਿੰਘ ਧਾਲੀਵਾਲ, ਮੰਨੂ ਖਨੌਰੀ, ਪ੍ਰਮੋਦ ਕੁਮਾਰ ਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।