ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜੁਲਾਈ
ਨਸ਼ਾ ਛੁਡਾਊ ਤੇ ਰਿਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਸ਼ਾ ਛੁਡਾਊ ਕੇਂਦਰਾਂ, ਪੁਨਰਵਾਸ ਕੇਂਦਰਾਂ ਅਤੇ ਓਓਏਟੀ. ਕਲੀਨਿਕਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਮੁਕੰਮਲ ਹੜਤਾਲ ਕਰਕੇ ਸਥਾਨਕ ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਅੱਗੇ ਰੋਸ ਧਰਨਾ ਦਿੱਤਾ ਗਿਆ। ਹੜਤਾਲੀ ਮੁਲਾਜ਼ਮਾਂ ਨੇ 6 ਜੁਲਾਈ ਨੂੰ ਜਲੰਧਰ ਵਿਚ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਵੀਂ ਭਰਤੀ ਦੀ ਥਾਂ ਪਹਿਲਾਂ ਪੁਰਾਣੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਰੈਗੂਲਰ ਕਰਨ ਦੀ ਮੰਗ ਕੀਤੀ। ਦਿੱਲੀ ਅਤੇ ਹਰਿਆਣਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਕੀਤਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਰੋਕੇ ਵਿੱਤੀ ਭੱਤੇ ਬਹਾਲ ਕੀਤਾ ਜਾਣ ਅਤੇ ਠੇਕਾ ਪ੍ਰਣਾਲੀ ’ਚੋ ਬਾਹਰ ਕੱਢ ਕੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਯੂਨੀਅਨ ਆਗੂ ਬਲਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਯੂਨੀਅਨ ਦੀਆਂ, ਸਿਹਤ ਵਿਭਾਗ ਤੇ ਸਿਹਤ ਮੰਤਰੀ ਨਾਲ ਲਗਭਗ 20 ਮੀਟਿੰਗਾਂ ਹੋਇਆਂ ਹਨ, ਜੋ ਕਿ ਬੇਸਿੱਟਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ 6 ਜੁਲਾਈ ਨੂੰ ਜਲੰਧਰ ਵਿਚ ਭਰਾਤਰੀ ਯੂਨੀਅਨਾਂ ਦੇ ਸਹਿਯੋਗ ਨਾਲ ਰੋਸ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਦਾ ਪੁਤਲਾ ਫ਼ੂਕਿਆ ਜਾਵੇਗਾ। ਇਸ ਮੌਕੇ ਚਮਕੌਰ ਸਿੰਘ, ਹਰਪ੍ਰੀਤ ਸਿੰਘ, ਗਗਨ ਸਿੰਘ, ਸੰਦੀਪ, ਪੁਸ਼ਕਰ, ਜਸਕਰਨ ਸਿੰਘ, ਬਲਵਿੰਦ ਸਿੰਘ, ਮੈਨੇਜਰ ਅਵਤਾਰ ਸਿੰਘ ਮੌਜੂਦ ਸਨ।