ਅਨਾਜ ਮੰਡੀਆਂ ਦੇ ਮਜ਼ਦੂਰਾਂ ਵੱਲੋਂ ਹੜਤਾਲ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 30 ਸਤੰਬਰ
ਝੋਨੇ ਦਾ ਸੀਜ਼ਨ ਇਸ ਵਾਰ ਸਰਕਾਰ ਤੇ ਪ੍ਰਸਾਸ਼ਨ ਲਈ ਪ੍ਰੀਖਿਆ ਦੀ ਘੜੀ ਬਣਦਾ ਜਾ ਰਿਹਾ ਹੈ। ਇੱਕ ਪਾਸੇ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਤਹਿਤ ਪਹਿਲੀ ਅਕਤੂਬਰ ਤੋਂ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਦੂਜੇ ਪਾਸੇ ਹੁਣ ਅਨਾਜ ਮੰਡੀ ਮਜ਼ਦੂਰਾਂ ਨੇ ਵੀ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਮਾਛੀਵਾੜਾ ਅਨਾਜ ਮੰਡੀ ਵਿੱਚ ਇਕੱਤਰ ਹੋਏ ਮਜ਼ਦੂਰਾਂ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨਾਲ ਮੰਗਾਂ ਸਬੰਧੀ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ, ਇਸ ਲਈ ਉਨ੍ਹਾਂ ਨੇ ਹੁਣ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਹੜਤਾਲ ਦਾ ਐਲਾਨ ਕਰਦਿਆਂ ਫਸਲ ਦੀ ਢੋਆ-ਢੁਆਈ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੰਡੀ ਵਿੱਚ ਫਸਲ ਬੋਰੀ ਦੀ ਚੁਕਾਈ 1.84 ਰੁਪਏ ਮਿਲਦੀ ਹੈ, ਜਦਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਨੂੰ 5 ਰੁਪਏ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਦੂਰਾਂ ਨੂੰ ਲੇਬਰ ਰੇਟ 16.10 ਰੁਪਏ ਪ੍ਰਤੀ ਕੱਟਾ ਦਿੱਤਾ ਜਾਂਦਾ ਹੈ ਜਦਕਿ ਹਰਿਆਣਾ ਵਿਚ 18.70 ਰੁਪਏ ਹੈ, ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਇਸ ਨੂੰ ਵੀ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਮਜ਼ਦੂਰੀ ਵਿੱਚ 25 ਫ਼ੀਸਦ ਵਾਧਾ ਕੀਤਾ ਜਾਵੇਗਾ ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ ਹੈ। ਮਜ਼ਦੂਰ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਅਕਤੂਬਰ ਤੋਂ ਮੰਡੀ ਵਿੱਚ ਫਸਲ ਨਾ ਲਿਆਉਣ ਕਿਉਂਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਫਸਲ ਦੀ ਢੋਆ-ਢੁਆਈ ਨਹੀਂ ਕਰਨਗੇ।
ਆੜ੍ਹਤੀ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਅੱਜ ਇਥੇ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਨੂੰ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਲਕ ਤੋਂ ਸ਼ੁਰੂ ਹੋਣ ਜਾ ਰਹੀ ਸਰਕਾਰੀ ਖਰੀਦ ਮਗਰੋਂ ਫਸਲ ਮੰਡੀ ਵਿੱਚ ਹੀ ਰੁਲਦੀ ਰਹੇਗੀ, ਜਿਸ ਤੋਂ ਬਚਣ ਲਈ ਸਰਕਾਰ ਨੂੰ ਇਹ ਹੜਤਾਲਾਂ ਖਤਮ ਕਰਵਾਉਣੀਆਂ ਚਾਹੀਦੀਆਂ ਹਨ।
ਡੀਸੀ ਜੋਰਵਾਲ ਵੱਲੋਂ ਖੰਨਾ ਅਨਾਜ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਖੰਨਾ (ਨਿੱਜੀ ਪੱਤਰ ਪ੍ਰੇਰਕ): ਏਸ਼ੀਆ ਦੀ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਅਨਾਜ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੰਡੀਆਂ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਦੇ ਉਦੇਸ਼ ਨਾਲ ਸਮੁੱਚੇ ਖਰੀਦ ਕਾਰਜਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਇਸ ਸਾਲ ਜ਼ਿਲ੍ਹੇ ਦੇ ਸਾਰੇ 146 ਖਰੀਦ ਕੇਦਰਾਂ ਵਿੱਚ 18 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰ ਇਕ ਦਾਣੇ ਦੀ ਖ੍ਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਪੀਣ ਵਾਲੇ ਪਾਣੀ ਦੀ ਉਪਲੱਬਧਤਾ, ਸਾਫ ਸਫਾਈ, ਰੋਸ਼ਨੀ, ਛਾਂ, ਤਰਪਾਲਾਂ ਤੋਂ ਇਲਾਵਾ ਹੋਰ ਪ੍ਰਬੰਧ ਚੰਗੇ ਤਰੀਕੇ ਨਾਲ ਕੀਤੇ ਗਏ ਹਨ।
ਲੁਧਿਆਣਾ (ਖੇਤਰੀ ਪ੍ਰਤੀਨਿਧ) : ਲੁਧਿਆਣਾ ਅਤੇ ਆਲੇ-ਦੁਆਲੇ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਨੇ ਅੱਜ ਇੱਥੇ ਕਿਹਾ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਝੋਨਾ ਮੰਡੀਆਂ ਵਿੱਚ ਪਹੁੰਚਣ ਸਾਰ ਹੀ ਖਰੀਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਲਈ ਕੰਬਾਈਨ ਮਸ਼ੀਨਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਤਰਕ ਹੈ ਕਿ ਰਾਤ ਵੇਲੇ ਤ੍ਰੇਲ ਪੈਣ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਰਕੇ ਮਗਰੋਂ ਮੰਡੀ ਵਿੱਚ ਖਰੀਦ ਏਜੰਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ, ਝੋਨੇ ਦੀ ਕਟਾਈ ਦੇ ਇਸ ਸੀਜ਼ਨ ਦੌਰਾਨ, ਕਿਸੇ ਵੀ ਕੰਬਾਈਨ ਹਾਰਵੈਸਟਰ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।