ਆੜ੍ਹਤੀਆਂ ਅਤੇ ਮਜ਼ਦੂਰਾਂ ਵੱਲੋਂ ਹੜਤਾਲ ਜਾਰੀ
ਸੁਖਦੇਵ ਸਿੰਘ
ਅਜਨਾਲਾ, 2 ਅਕਤੂਬਰ
ਇੱਥੇ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਸਮੂਹ ਆੜ੍ਹਤੀਆਂ ਵੱਲੋਂ ਦਾਣਾ ਮੰਡੀ ਵਿੱਚ ਹੜਤਾਲ ਕਰਕੇ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨ ਤੋਂ ਪੱਲੇਦਾਰਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਮੁਕੰਮਲ ਤੌਰ ’ਤੇ ਮੰਡੀ ਵਿੱਚ ਹੜਤਾਲ ਕੀਤੀ ਗਈ ਹੈ ਜਿਸ ਕਾਰਨ ਝੋਨੇ ਦੀ ਪ੍ਰਾਈਵੇਟ ਅਤੇ ਸਰਕਾਰੀ ਖਰੀਦ ਨਹੀਂ ਹੋ ਸਕੀ। ਕਿਸਾਨ ਯੂਨੀਅਨਾਂ ਵੱਲੋਂ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਸਮਰਥਨ ਦੇਣ ਦਾ ਦਾਅਵਾ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਆੜ੍ਹਤੀਆਂ ਨੂੰ ਢਾਈ ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਤੁਰੰਤ ਬਹਾਲ ਕੀਤੀ ਜਾਵੇ, ਸਰਕਾਰੀ ਖਰੀਦ ਸ਼ੁਰੂ ਕਰਕੇ ਝੋਨਾ ਵੱਖ-ਵੱਖ ਸ਼ੈਲਰਾਂ ਵਿੱਚ ਸਰਕਾਰ ਆਪਣੇ ਖਰਚੇ ’ਤੇ ਲਵਾਵੇ ਅਤੇ ਮੰਡੀ ਦੇ ਪੱਲੇਦਾਰਾਂ ਦੀ ਮਿਹਨਤ ਵਿੱਚ ਵੀ ਵਾਧਾ ਕਰੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਸਰਕਾਰ ਵੱਲੋਂ ਨਹੀਂ ਮੰਨੀਆਂ ਜਾਂਦੀਆਂ ਤਾਂ ਮੰਡੀਆਂ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਗੁਰਦੇਵ ਸਿੰਘ ਨਿੱਜਰ, ਲਾਟੀ ਅਜਨਾਲਾ, ਅਰਵਿੰਦਰ ਪਾਲ ਸਿੰਘ, ਇਕਬਾਲ ਸਿੰਘ, ਹਰ ਸੁਖ, ਪ੍ਰਧਾਨ ਬੱਬੂ ਅਨੈਤਪੁਰਾ ਸਮੇਤ ਹੋਰ ਆਗੂ ਵੀ ਹਾਜ਼ਰ ਹੋਏ। ਹੜਤਾਲ ਕਾਰਨ ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀਆਂ ਸਮੂਹ ਦਾਣਾ ਮੰਡੀਆਂ ਵਿੱਚ ਅੱਜ ਵੀ ਮੁਕੰਮਲ ਤੌਰ ’ਤੇ ਹੜਤਾਲ ਰਹੀ।
ਫਗਵਾੜਾ (ਜਸਬੀਰ ਸਿੰਘ ਚਾਨਾ): ਫੈੱਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਆੜ੍ਹਤੀਆਂ ਐਸੋਸੀਏਸ਼ਨਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਅਨਾਜ ਮੰਡੀਆਂ ’ਚ ਕੰਮਕਾਜ ਠੱਪ ਰਿਹਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਆੜ੍ਹਤੀਆ ਐਸੋਸੀਏਸ਼ਨ ਫਗਵਾੜਾ ਵੱਲੋਂ ਨਵੀਂ ਅਨਾਜ ਮੰਡੀ ਦੇ ਗੇਟ ਨੰਬਰ ਇੱਕ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ ਗਿਆ ਜਿਸ ਵਿੱਚ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਸ਼ੈਲਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਰਵੀ ਦੂਆ, ਰਾਜੀਵ ਅਗਰਵਾਲ ਤੇ ਅਨੂਪ ਭੋਗਲ ਸ਼ਾਮਲ ਹੋਏ। ਸ੍ਰੀ ਸਾਹਨੀ ਕਮਿਸ਼ਨ ਏਜੰਟਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਸੰਘਰਸ਼ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਗਾਂ ਦੇ ਮੱਦੇਨਜ਼ਰ 3 ਅਕਤੂਬਰ ਨੂੰ ਦੁਪਹਿਰ 12.30 ਵਜੇ ਤੋਂ 2.30 ਵਜੇ ਤੱਕ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ। ਉੱਥੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਦੂਆ ਨੇ ਦੱਸਿਆ ਕਿ ਪਟਿਆਲਾ ’ਚ ਹੋਈ ਸੂਬਾ ਪੱਧਰੀ ਕਾਨਫਰੰਸ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਕੋਈ ਵੀ ਸ਼ੈਲਰ ਮਾਲਕ ਉਦੋਂ ਤੱਕ ਝੋਨੇ ਲਈ ਕੋਈ ਸਮਝੌਤਾ ਨਹੀਂ ਕਰੇਗਾ, ਜਦੋਂ ਤੱਕ ਫ਼ਸਲ ਨੂੰ ਸਟੋਰ ਕਰਨ ਲਈ ਲੋੜੀਂਦੀ ਥਾਂ ਨਹੀਂ ਮਿਲਦੀ। ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਕੁਲਵੰਤ ਰਾਏ ਪੱਬੀ ਪ੍ਰਧਾਨ ਨੇ ਕਿਸਾਨ ਯੂਨੀਅਨ ਤੇ ਸ਼ੈਲਰ ਐਸੋਸੀਏਸ਼ਨ ਦੇ ਅਧਿਕਾਰੀਆਂ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਝੋਨੇ ਦੀ ਖ਼ਰੀਦ ਨਾ ਹੋ ਸਕੀ ਸ਼ੁਰੂ
ਸ਼ਾਹਕੋਟ: ਪੱਲੇਦਾਰਾਂ ਅਤੇ ਆੜ੍ਹਤੀਆਂ ਦੀ ਹੜਤਾਲ ਕਾਰਨ ਅੱਜ ਵੀ ਮਾਰਕੀਟ ਕਮੇਟੀ ਸ਼ਾਹਕੋਟ, ਲੋਹੀਆਂ ਖਾਸ ਮਹਿਤਪੁਰ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਮੰਡੀਆਂ ਵਿੱਚ ਝੋਨੇ ਦੀ ਵੱਡੀ ਪੱਧਰ ’ਤੇ ਆਮਦ ਹੋ ਚੁੱਕੀ ਹੈ। ਕਈ ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। ਸ਼ਾਹਕੋਟ ਦੀ ਦਾਣਾ ਮੰਡੀ ਵਿੱਚ ਲੇਬਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬਿੱਲੂ ਦੀ ਅਗਵਾਈ ਹੇਠ ਪੱਲੇਦਾਰਾਂ ਨੇ ਅੱਜ ਦੂਜੇ ਦਿਨ ਵੀ ਹੜਤਾਲ ਕਰ ਕੇ ਰੋਸ ਧਰਨਾ ਦਿੱਤਾ। ਇਸੇ ਤਰ੍ਹਾਂ ਆੜ੍ਹਤੀਆਂ ਐਸੋਸੀਏਸ਼ਨ ਸ਼ਾਹਕੋਟ ਦੇ ਪ੍ਰਧਾਨ ਪਵਨ ਅਗਰਵਾਲ ਦੀ ਅਗਵਾਈ ’ਚ ਆੜ੍ਹਤੀਏ ਹੜਤਾਲ ’ਤੇ ਰਹੇ। ਲੋਹੀਆਂ ਖਾਸ ਅਤੇ ਮਹਿਤਪੁਰ ਵਿੱਚ ਪੱਲੇਦਾਰਾਂ ਤੇ ਆੜ੍ਹਤੀਆਂ ਵੱਲੋਂ ਹੜਤਾਲ ਕਰਨ ਦੀ ਸੂਚਨਾ ਹੈ। -ਪੱਤਰ ਪ੍ਰੇਰਕ