ਅਸਾਮ ਵਿੱਚ ਸੀਏਏ ਖ਼ਿਲਾਫ ਜ਼ੋਰਦਾਰ ਮੁਜ਼ਾਹਰੇ
ਨਵੀਂ ਦਿੱਲੀ/ਗੁਹਾਟੀ, 12 ਮਾਰਚ
ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਲਾਗੂ ਕਰਨ ਖ਼ਿਲਾਫ਼ ਅੱਜ ਪੂਰੇ ਅਸਾਮ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਅਤੇ ਸੀਏਏ ਦੀਆਂ ਕਾਪੀਆਂ ਸਾੜੀਆਂ ਗਈਆਂ। ਅਸਾਮ ਜਾਤੀਯਤਾਵਾਦੀ ਯੁਵਾ ਛਾਤਰ ਪਰਿਸ਼ਦ (ਏਜੇਵਾਈਸੀਪੀ) ਨੇ ਲਖੀਮਪੁਰ ਵਿੱਚ ਮੋਦੀ ਤੇ ਸ਼ਾਹ ਦੇ ਪੁਤਲੇ ਫੂਕੇ ਜਦਕਿ ਕਾਂਗਰਸ ਨੇ ਸੀਏਏ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਕਾਨੂੰਨ ਦੀਆਂ ਕਾਪੀਆਂ ਸਾੜੀਆਂ। ਇਸ ਤੋਂ ਇਲਾਵਾ ਆਲ ਅਸਾਮ ਸਟੂਡੈਂਟਸ ਯੂਨੀਅਨ (ਆਸੂ) ਅਤੇ 30 ਗੈਰ-ਸਿਆਸੀ ਸੰਗਠਨਾਂ ਨੇ ਮਸ਼ਾਲ ਜਲੂਸ ਕੱਢੇ। ਉਹ ਭਲਕੇ ਸਤਿਆਗ੍ਰਹਿ ਸ਼ੁਰੂ ਕਰਨਗੇ। ਇਸ ਦੌਰਾਨ ਸੁਪਰੀਮ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕਰ ਕੇ ਸੀਏਏ-2019 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਸਿਖਰਲੀ ਅਦਾਲਤ ਕੋਲ ਪੈਂਡਿੰਗ ਰਹਿਣ ਤੱਕ ਨਾਗਰਿਕਤਾ ਸੋਧ ਨਿਯਮ-2024 ਦੇ ਅਮਲ ’ਤੇ ਰੋਕ ਲਾਉਣ ਲਈ ਕੇਂਦਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਦੌਰਾਨ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨੇ ਸੀਏਏ ਨੂੰ ਲਾਗੂ ਕੀਤੇ ਜਾਣ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਇਹ ਨਾਗਰਿਕਤਾ ਨੂੰ ਧਾਰਮਿਕ ਪਛਾਣ ਨਾਲ ਜੋੜ ਕੇ ਸੰਵਿਧਾਨ ਦੇ ਧਰਮਨਿਰਪੱਖ ਸਿਧਾਂਤਾਂ ਦੀ ਉਲੰਘਣਾ ਕਰਦਾ ਹੈ। ਖੱਬੇ-ਪੱਖੀ ਧਿਰ ਨੇ ਨਵੀਂ ਦਿੱਲੀ ਤੋਂ ਜਾਰੀ ਬਿਆਨ ਵਿੱਚ ਇਹ ਵੀ ਦੋਸ਼ ਲਾਇਆ ਕਿ ਸੀਏਏ ਦੇ ਨਿਯਮ ਐੱਨਆਰਸੀ ਨਾਲ ਜੁੜੇ ਹੋਏ ਹਨ। ਉਸ ਨੇ ਇਹ ਵੀ ਸ਼ੰਕਾ ਜਤਾਈ ਕਿ ਇਸ ਨਾਲ ਮੁਸਲਿਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਉਧਰ ਕੇਰਲ ਵਿੱਚ ਸੀਪੀਐੱਮ ਦੀ ਅਗਵਾਈ ਵਾਲੇ ਐੱਲਡੀਐੱਫ ਅਤੇ ਕਾਂਗਰਸ ਦੀ ਅਗਵਾਈ ਵਾਲੇ ਯੂਡੀਐੱਫ ਵੱਲੋਂ ਵੱਖੋ-ਵੱਖਰੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ।
ਅਸਾਮ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇਵਵ੍ਰਤ ਸਾਇਕੀਆ ਨੇ ਗੁਹਾਟੀ ਸਥਿਤ ਰਾਜ ਭਵਨ ਸਾਹਮਣੇ, ਸੀਪੀਐੱਮ ਨੇ ਕਾਮਰੂਪ ਦੇ ਰੰਗੀਆ ਕਸਬੇ ਅਤੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਆਪੋ-ਆਪਣੀਆਂ ਸੰਸਥਾਵਾਂ ਬਾਹਰ ਰੋਸ ਪ੍ਰਦਰਸ਼ਨ ਕੀਤੇ। ਸ਼ਿਵਸਾਗਰ ਜ਼ਿਲ੍ਹੇ ਵਿੱਚ ਰਾਇਜੌਰ ਦਲ, ਕ੍ਰਿਸ਼ਕ ਮੁਕਤੀ ਸੰਗਰਾਮ ਸਮਿਤੀ ਅਤੇ ਛਾਤਰ ਮੁਕਤੀ ਪਰਿਸ਼ਦ ਦੇ ਕਾਰਕੁਨਾਂ ਦੇ ਵਿਧਾਇਕ ਅਖਿਲ ਗੋਗੋਈ ਨੇ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਕਾਂਗਰਸ ਤੇ ਏਜੇਵਾਈਸੀਪੀ ਵੱਲੋਂ ਬਾਰਪੇਟਾ ਅਤੇ ਨਲਬਾੜੀ ਵਿੱਚ ਸੀਏਏ ਦੀਆਂ ਕਾਪੀਆਂ ਸਾੜੀਆਂ ਗਈਆਂ। ਸੋਨਿਤਪੁਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਕਮਾਂਡੋਆਂ ਦੀ ਤਾਇਨਾਤੀ ਸਮੇਤ ਹੋਰ ਪੁਲੀਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। -ਪੀਟੀਆਈ
ਤਾਮਿਲ ਨਾਡੂ ਵਿੱਚ ਸੀਏਏ ਲਾਗੂ ਨਹੀਂ ਕਰਾਂਗੇ: ਸਟਾਲਿਨ
ਚੇਨੱਈ: ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਸੀਏਏ ਨੂੰ ‘ਫੁੱਟਪਾਊ ਅਤੇ ਬੇਕਾਰ’ ਦੱਸਦਿਆਂ ਅੱਜ ਇਸ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੀਏਏ ਨੂੰ ਤਾਮਿਲ ਨਾਡੂ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਸਟਾਲਿਨ ਨੇ ਲੋਕ ਸਭਾ ਚੋਣਾਂ ਨੇੜੇ ਹੋਣ ਦੌਰਾਨ ਸੀਏਏ ਲਾਗੂ ਕਰਨ ਲਈ ਨਿਯਮਾਂ ਨੂੰ ‘ਕਾਹਲੀ’ ਵਿੱਚ ਨੋਟੀਫਾਈ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਸੀਏਏ ਅਤੇ ਇਸ ਦੇ ਨਿਯਮ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹਨ। -ਪੀਟੀਆਈ
ਸੀਏਏ ਨਿਯਮਾਂ ਦੀ ਕਾਨੂੰਨੀ ਵੈਧਤਾ ’ਤੇ ਸ਼ੱਕ: ਮਮਤਾ
ਬਾਰਾਸਾਤ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ (ਸੋਧ) ਕਾਨੂੰਨ-2019 ਲਾਗੂ ਕਰਨ ਖ਼ਿਲਾਫ਼ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਤੇਜ਼ ਕਰਦਿਆਂ ਕਿਹਾ ਕਿ ਸੀਏਏ ਵਿੱਚ ਨੋਟੀਫਾਈ ਕੀਤੇ ਗਏ ਨਿਯਮਾਂ ਵਿੱਚ ਕੋਈ ਸਪਸ਼ਟਤਾ ਨਹੀਂ ਹੈ। ਉਨ੍ਹਾਂ ਨੇ ਸੀਏਏ ਨਿਯਮਾਂ ਦੀ ਕਾਨੂੰਨੀ ਵੈਧਤਾ ਨੂੰ ਲੈ ਕੇ ਸ਼ੰਕਾ ਵੀ ਖੜ੍ਹੇ ਕੀਤੇ। ਉੱਤਰ 24 ਪਰਗਨਾ ਜ਼ਿਲ੍ਹੇ ਦੇ ਹਾਬੜਾ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਲੋਕਾਂ ਨੂੰ ਸੀਏਏ ਤਹਿਤ ਨਾਗਰਿਕਤਾ ਲਈ ਅਰਜ਼ੀ ਦੇਣ ਤੋਂ ਪਹਿਲਾਂ ਕਈ ਵਾਰ ਸੋਚਣ ਦੀ ਅਪੀਲ ਕੀਤੀ। ਮਮਤਾ ਵੱਲੋਂ ਭਲਕੇ ਸਿਲੀਗੁੜੀ ਵਿੱਚ ਰੋਡਸ਼ੋਅ ਕੀਤਾ ਜਾਵੇਗਾ। -ਪੀਟੀਆਈ
ਜੇ ਕੋਈ ਐੱਨਆਰਸੀ ਲਈ ਬਿਨਾਂ ਅਰਜ਼ੀ ਦਿੱਤੇ ਨਾਗਰਿਕਤਾ ਲੈ ਗਿਆ ਤਾਂ ਅਸਤੀਫ਼ਾ ਦੇ ਦੇਵਾਂਗਾ: ਹਿਮੰਤਾ
ਗੁਹਾਟੀ: ਅਸਾਮ ਦੇ ਮੁੱਖ ਮੰਤਰੀ ਹਿਮੰਤਾ ਵਿਸ਼ਵਾ ਸ਼ਰਮਾ ਨੇ ਅੱਜ ਕਿਹਾ ਕਿ ਜੇਕਰ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਲਈ ਬਿਨੈ-ਪੱਤਰ ਨਾ ਦੇਣ ਵਾਲੇ ਕਿਸੇ ਵਿਅਕਤੀ ਨੂੰ ਨਾਗਰਿਕਤਾ ਮਿਲ ਜਾਂਦੀ ਹੈ ਤਾਂ ਉਹ ਅਸਤੀਫ਼ਾ ਦੇਣ ਵਾਲੇ ਪਹਿਲੇ ਵਿਅਕਤੀ ਹੋਣਗੇ। ਉਨ੍ਹਾਂ ਦੀ ਇਹ ਟਿੱਪਣੀ ਸੀਏਏ ਦੇ ਲਾਗੂ ਹੋਣ ’ਤੇ ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਆਈ ਹੈ। ਮੁੱਖ ਮੰਤਰੀ ਨੇ ਸ਼ਿਵਸਾਗਰ ਵਿੱਚ ਇੱਕ ਪ੍ਰੋਗਰਾਮ ਤੋਂ ਵੱਖਰੇ ਤੌਰ ’ਤੇ ਕਿਹਾ, ‘‘ਮੈਂ ਅਸਾਮ ਦਾ ਪੁੱਤਰ ਹਾਂ ਅਤੇ ਜੇਕਰ ਐੱਨਆਰਸੀ ਲਈ ਬਿਨੈ ਪੱਤਰ ਨਾ ਦੇਣ ਵਾਲੇ ਇੱਕ ਵੀ ਵਿਅਕਤੀ ਨੂੰ ਨਾਗਰਿਕਤਾ ਮਿਲਦੀ ਹੈ ਤਾਂ ਮੈਂ ਅਸਤੀਫ਼ਾ ਦੇਣ ਵਾਲਾ ਪਹਿਲਾ ਵਿਅਕਤੀ ਹੋਵਾਂਗਾ।’’ ਪ੍ਰਦਰਸ਼ਨਕਾਰੀਆਂ ਦਾ ਦਾਅਵਾ ਹੈ ਕਿ ਸੀਏਏ ਲਾਗੂ ਹੋਣ ਮਗਰੋਂ ਲੱਖਾਂ ਲੋਕ ਸੂਬੇ ਵਿੱਚ ਦਾਖ਼ਲ ਹੋ ਜਾਣਗੇ। ਸ਼ਰਮਾ ਨੇ ਕਿਹਾ, ‘‘ਜੇਕਰ ਅਜਿਹਾ ਹੁੰਦਾ ਹੈ ਤਾਂ ਮੈਂ ਵਿਰੋਧ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 2014 ਮਗਰੋਂ ਭਾਰਤ ਵਿੱਚ ਆਉਣ ਵਾਲਿਆਂ ਨੂੰ ਨਾਗਰਿਕਤਾ ਨਹੀਂ ਮਿਲੇਗੀ। ਇਸ ਤਰ੍ਹਾਂ ਅਰਜ਼ੀ ਦੇਣ ਵਾਲਿਆਂ ਦੀ ਗਿਣਤੀ ‘ਥੋੜ੍ਹੀ’ ਹੋਵੇਗੀ। -ਪੀਟੀਆਈ