ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਰੋਕਣ ਲਈ ਕਿਸਾਨਾਂ ਵੱਲੋਂ ਸੰਘਰਸ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ‘ਆਪ’ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਤੇ ਟੌਲ ਪਲਾਜ਼ਿਆਂ ’ਤੇ ਲਾਏ ਪੱਕੇ ਮੋਰਚੇ ਅੱਜ ਛੇਵੇਂ ਦਿਨ ਜਾਰੀ ਰਹੇ। 51 ਥਾਵਾਂ ’ਤੇ ਜਾਰੀ ਇਨ੍ਹਾਂ ਮੋਰਚਿਆਂ ’ਚ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਇਕ ਸੁਰ ਹੋ ਕੇ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਸ਼ੁਰੂ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਦੋ ਦਿਨਾਂ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਬਹੁਤੇ ਜ਼ਿਲ੍ਹਿਆਂ ਵਿੱਚ ਸਥਿਤੀ ਜਿਉਂ ਦੀ ਤਿਉਂ ਹੈ, ਸਿਰਫ ਕਿਤੇ-ਕਿਤੇ ਹੀ ਨਾ-ਮਾਤਰ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਕਿਸਾਨਾਂ ਵੱਲੋਂ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਣੇ ਟੌਲ ਪਲਾਜ਼ਿਆਂ ’ਤੇ ਲਾਏ ਪੱਕੇ ਮੋਰਚੇ ਜਾਰੀ ਰਹਿਣਗੇ। ਮੋਰਚਿਆਂ ਨੂੰ ਸੰਬੋਧਨ ਕਰਦਿਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨ ਦੇ ਨਾਲ-ਨਾਲ ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦਾ ਘਾਟਾ ਵੀ ਪੂਰਾ ਕਰੇ। ਅੱਜ ਪੰਜਾਬ ਵਿੱਚ ਲੱਗੇ ਪੱਕੇ ਮੋਰਚਿਆਂ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।