ਪ੍ਰਾਪਰਟੀ ਡੀਲਰਾਂ ਵੱਲੋਂ ਸੰਘਰਸ਼ ਗਿੱਦੜਬਾਹਾ ਵਿੱਚ ਤਬਦੀਲ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ
ਪ੍ਰਾਪਰਟੀ ਡੀਲਰਾਂ ਅਤੇ ਕਲੋਨਾਈਜ਼ਰਾਂ ਵੱਲੋਂ ਕੁਲੈਕਟਰ ਰੇਟਾਂ ਦੇ ਵਾਧੇ ਖਿਲਾਫ਼ ਵਿੱਢੇ ਸੰਘਰਸ਼ ਦੇ ਤੇਰ੍ਹਵੇਂ ਦਿਨ ਜਥੇਬੰਦੀ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਗਿੱਦੜਬਾਹਾ ਵਿੱਚ ਰੋਸ ਮੁਜ਼ਾਹਰਾ ਕੀਤਾ। ਪ੍ਰਧਾਨ ਅਸ਼ੋਕ ਕੁਮਾਰ ਚੁੱਘ ਤੇ ਕਰਮਜੀਤ ਸਿੰਘ ਕਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਕੁਲੈਕਟਰ ਰੇਟ ਘਟਾਉਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕੁਲੈਕਟਰ ਰੇਟਾਂ ਦੇ ਵਾਧੇ ਕਾਰਨ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ। ਲੋਕ ਵੀ ਦੁੱਖੀ ਹਨ। ਦੂਜੇ ਪਾਸੇ ਐਨਓਸੀ ਜਾਰੀ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਲੋਕ ਦੁਖੀ ਹਨ। ਇਸ ਮੌਕੇ ਡੀਲਰਾਂ ਵੱਲੋਂ ਘੜਾ ਭੰਨ੍ਹ ਕੇ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਾਲੇ ਝੰਡ ਲਹਿਰਾਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੇ ਧਰਨੇ ਨੂੰ ਦੂਸਰੇ ਸ਼ਹਿਰਾਂ ਦੀਆਂ ਜਥੇਬੰਦੀਆਂ ਤੇ ਆਪ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ।
ਬਠਿੰਡਾ (ਸ਼ਗਨ ਕਟਾਰੀਆ): ਪੰਜਾਬ ਸਟੂਡੈਂਟਸ ਯੂਨੀਅਨ ਗਿੱਦੜਬਾਹਾ ਜ਼ਿਮਨੀ ਚੋਣਾਂ ਦੌਰਾਨ 6 ਨਵੰਬਰ ਨੂੰ ਗਿੱਦੜਬਾਹਾ ਹਲਕੇ ਵਿੱਚ ਜ਼ੋਨ ਪੱਧਰੀ ਰੋਸ ਪ੍ਰਦਰਸ਼ਨ ਕਰੇਗੀ। ਇਸ ਵਿਖਾਵੇ ਰਾਹੀਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੀਆਂ ਸਾਰੀਆਂ ਨੌਕਰੀਆਂ ਵਿੱਚ ਪੰਜਾਬ ਵਾਸੀਆਂ ਲਈ 90 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇ ਅਤੇ ਸਿੱਖਿਆ ਨੂੰ ਸੰਵਿਧਾਨ ਦੀ ਸਮਵਰਤੀ ਸੂਚੀ ਵਿੱਚੋਂ ਕੱਢ ਕੇ ਸੂਬਿਆਂ ਦਾ ਵਿਸ਼ਾ ਬਣਾਇਆ ਜਾਵੇ। ਇਹ ਫੈਸਲਾ ਯੂਨੀਅਨ ਦੀ ਪੱਛਮੀ ਮਾਲਵਾ ਜ਼ੋਨ ਕਮੇਟੀ ਦੀ ਜ਼ੋਨਲ ਪ੍ਰਧਾਨ ਧੀਰਜ ਫਾਜ਼ਿਲਕਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।