ਜਨਤਕ ਜਥੇਬੰਦੀਆਂ ਵੱਲੋਂ ਮਾਮਲੇ ਦੀ ਜਾਂਚ ਲਈ ਸੰਘਰਸ਼
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਸਤੰਬਰ
ਕਰੀਬ ਦਸ ਦਿਨ ਪਹਿਲਾਂ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੀਆਂ ਇਨਸਾਫ਼ਪਸੰਦ ਜਥੇਬੰਦੀਆਂ ਵੱਲੋਂ ਦੇਰ ਰਾਤ ਮੋਮਬੱਤੀ ਮਾਰਚ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਜਾਣਕਾਰੀ ਅਨੁਸਾਰ ਇਨਸਾਫ਼ਪਸੰਦ ਜਥੇਬੰਦੀਆਂ ਦੇ ਕਾਰਕੁਨ, ਪੀੜਤ ਪਰਿਵਾਰ ਅਤੇ ਸ਼ਹਿਰ ਦੇ ਲੋਕ ਸਥਾਨਕ ਬੱਸ ਸਟੈਂਡ ਨਜ਼ਦੀਕ ਲਾਲ ਬੱਤੀ ਚੌਕ ਵਿਚ ਇਕੱਠੇ ਹੋਏ ਜਿਥੋਂ ਮੋਮਬੱਤੀ ਮਾਰਚ ਸ਼ੁਰੂ ਹੋਇਆ ਜੋ ਕਿ ਧੂਰੀ ਗੇਟ ਬਾਜ਼ਾਰ, ਛੋਟਾ ਚੌਕ, ਸਦਰ ਬਾਜ਼ਾਰ ਹੁੰਦਾ ਹੋਇਆ ਵੱਡੇ ਚੌਕ ਵਿਚ ਸਮਾਪਤ ਹੋਇਆ। ਸਮਾਪਤੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਮਾਜ ਸੇਵੀ ਸਤਿੰਦਰ ਸੈਣੀ ਅਤੇ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਬੀਤੀ 30 ਅਗਸਤ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ 32 ਸਾਲਾਂ ਨੌਜਵਾਨ ਤੇਜਿੰਦਰ ਬਾਂਸਲ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਮ੍ਰਿਤਕ ਦਾ ਪੋਸਟਮਾਰਟਮ ਹੋਇਆ ਹੈ ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵਲੋਂ ਐੱਸਐੱਸਪੀ ਸੰਗਰੂਰ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਮਾਮਲੇ ਦੀ ਜਾਂਚ ਐੱਸਪੀ (ਡੀ) ਸੰਗਰੂਰ ਨੂੰ ਸੌਂਪੀ ਗਈ ਹੈ। ਉਨ੍ਹਾਂ ਜ਼ਿਲ੍ਹਾ ਪੁਲੀਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੋਮਬੱਤੀ ਮਾਰਚ ਵਿਚ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਬਦਰੀ ਜਿੰਦਲ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਆਗੂ ਮਨਦੀਪ ਕੌਰ, ਵਿਨੋਦ ਕੁਮਾਰ, ਆਸੂ ਗੋਇਲ, ਸੁਭਾਸ਼ ਕੁਮਾਰ, ਬਹਾਦਰ ਸਿੰਘ ਸੈਣੀ, ਐਡਵੋਕੇਟ ਪ੍ਰਦੀਪ ਸ਼ਰਮਾ, ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਸ਼ਹਿਰੀ ਲੋਕ ਅਤੇ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਲ ਸਨ।