ਪਰਾਲੀ ਪ੍ਰਬੰਧਨ: ਐੱਸਡੀਐੱਮ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੀਟਿੰਗ
ਮੁਕੰਦ ਸਿੰਘ ਚੀਮਾ
ਸੰਦੌੜ, 24 ਅਕਤੂਬਰ
ਐੱਸਡੀਐੱਮ ਹਰਬੰਸ ਸਿੰਘ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਨੰਬਰਦਾਰ ਯੂਨੀਅਨ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਸ ਮੀਟਿੰਗ ਦੌਰਾਨ ਅਹਿਮਦਗੜ੍ਹ ਦੇ ਨੰਬਰਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਨਾਲ ਪ੍ਰਵੀਨ ਕੁਮਾਰ ਤਹਿਸੀਲਦਾਰ ਅਹਿਮਦਗੜ੍ਹ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਨੰਬਰਦਾਰ ਯੂਨੀਅਨ ਦੇ ਆਗੂਆਂ ਅਤੇ ਨੰਬਰਦਾਰਾਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਇੱਕ ਮੰਗ ਪੱਤਰ ਐੱਸਡੀਐੱਮ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਨੰਬਰਦਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ, ਤਹਿਸੀਲ ਪ੍ਰਧਾਨ ਜਗਦੀਸ਼ ਸਿੰਘ ਬੌੜਹਾਈ ਕਲਾਂ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਅਕਬਰਪੁਰ ਛੰਨਾ, ਮੀਤ ਪ੍ਰਧਾਨ ਜਤਿੰਦਰ ਸਿੰਘ ਨੱਥੂਮਾਜਰਾ, ਜੰਗਦੀਨ ਬੇਗੋਵਾਲ, ਨੰਬਰਦਾਰ ਕੁਲਦੀਪ ਸਿੰਘ ਦਿਲਾਵਰਗੜ੍ਹ, ਜਗਜੀਤ ਸਿੰਘ ਮਾਣਕੀ ਅਤੇ ਹਰੀਪਾਲ ਸਿੰਘ ਜਲਵਾਣਾ ਹਾਜ਼ਰ ਸਨ।
ਐੱਸਡੀਐੱਮ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਸੰਗਰੂਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਦਾ ਸੁਨੇਹਾ ਕਿਸਾਨਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਪਹੁੰਚ ਕੀਤੀ ਜਾ ਰਹੀ ਹੈ। ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਬੇੜੇ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਉਨ੍ਹਾਂ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਐੱਸਡੀਐੱਮ ਵੱਲੋਂ ਨਾਈਵਾਲਾ, ਭਗਵਾਨਪੁਰਾ ਅਤੇ ਭਿੰਡਰਾਂ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਗਿਆ।
- ਨਿੱਜੀ ਪੱਤਰ ਪ੍ਰੇਰਕ