ਪਰਾਲੀ ਪ੍ਰਦੂਸ਼ਣ: ਮਾਲਵੇ ’ਚ ਬੱਲ੍ਹੋ ਦੇ ਕਿਸਾਨ ਬਣੇ ਰਾਹ ਦਸੇਰੇ
ਰਮਨਦੀਪ ਸਿੰਘ
ਚਾਉਕੇ, 19 ਨਵੰਬਰ
ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਬੱਲ੍ਹੋ ਦੇ ਕਿਸਾਨ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ। ਗ੍ਰਾਮ ਪੰਚਾਇਤ ਤੇ ਗੁਰਬਚਨ ਸਿੰਘ ਸੇਵਾ ਸਮਿਤੀ ਸੁਸਾਇਟੀ ਤਰਫੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਬੱਲ੍ਹੋ ਦੇ ਕਿਸਾਨ ਅਵਤਾਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਏ ਬਗੈਰ ਆਲੂਆਂ ਤੇ ਕਣਕ ਦੀ ਬਿਜਾਈ ਕੀਤੀ ਹੈ। ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਦੀਆਂ ਗੱਠਾਂ ਬਣਾਉਂਦਾ ਹੈ ਅਤੇ ਪਰਾਲੀ ਸਾੜੇ ਬਗੈਰ ਹੀ ਫਸਲ ਬੀਜਦਾ ਹੈ। ਇਸ ਅਗਾਂਹ ਵਧੂ ਕਿਸਾਨ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਬੱਲ੍ਹੋ ਦੇ ਕਿਸਾਨ ਸਤਿਗੁਰ ਵੀ ਪਿਛਲੇ ਪੰਜ ਸਾਲਾਂ ਤੋਂ ਆਪਣੀ 10 ਏਕੜ ਜ਼ਮੀਨ ਵਿੱਚ ਗੱਠਾਂ ਬਣਾਉਂਦਾ ਹੈ। ਉਸ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡੇ ਜੀਵ ਜੰਤੂਆਂ ਦਾ ਨੁਕਸਾਨ ਹੁੰਦਾ ਹੈ ਉੱਥੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਕਿਸਾਨ ਪਲਵਿੰਦਰ ਸਿੰਘ ਕਾਲਾ ਦਾ ਕਹਿਣਾ ਹੈ ਕਿ ਉਸ ਨੇ 15 ਏਕੜ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਉਪਰਾਲਾ ਕੀਤਾ ਹੈ। ਕੁਦਰਤੀ ਖੇਤੀ ਕਰ ਰਹੇ ਕਿਸਾਨ ਅਵਤਾਰ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾ ਰਿਹਾ। ਸਰਪੰਚ ਅਮਰਜੀਤ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਪੰਚਾਇਤ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕੀਤਾ ਗਿਆ ਹੈ ਜਿਸ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ, ਉਨ੍ਹਾਂ ਨੂੰ ਗ੍ਰਾਮ ਸਭਾ ਦੇ ਆਮ ਇਜਲਾਸ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।