ਵਿਦਿਆਰਥੀ ਕਤਲ: ਪੁਲੀਸ ਨੇ ਦੋ ਮੁਲਜ਼ਮ ਕਾਬੂ ਕੀਤੇ
ਸ਼ਸ਼ੀ ਪਾਲ ਜੈਨ
ਖਰੜ, 27 ਜੁਲਾਈ
ਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਾਲੋਨੀ ਵਿੱਚ 16 ਤੇ 17 ਜੁਲਾਈ ਦੀ ਦਰਮਿਆਨੀ ਰਾਤ ਨੂੰ ਚੰਡੀਗੜ੍ਹ ਯੂਨੀਵਰਿਸਟੀ ਘੜੂੰਆਂ ਦੇ ਇੱਕ ਵਿਦਿਆਰਥੀ ਅਨੁਜ ਪੁੱਤਰ ਰਾਜੇਸ਼ ਕੁਮਾਰ ਵਾਸੀ ਭਿਵਾਨੀ (ਹਰਿਆਣਾ) ਨੂੰ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਪੁਲੀਸ ਨੇ ਸੁਲਝਾ ਲਿਆ ਹੈ ਅਤੇ ਇਸ ਸਬੰਧੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਵਿੱਚ ਇੱਕ ਹੋਰ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਸੀ।
ਚੰਡੀਗੜ੍ਹ ਯੂਨੀਵਰਿਸਟੀ ਘੜੂੰਆਂ ਵਿੱਚ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਦਾ ਪਰਨੀਤ ਨਾਂ ਦਾ ਨੌਜਵਾਨ ਗੋਲੀਬਾਰੀ ਦੀ ਇਸ ਘਟਨਾ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਦੇ ਬਿਆਨਾਂ ਦੇ ਆਧਾਰ ’ਤੇ ਖਰੜ ਦੇ ਥਾਣਾ ਸਿਟੀ ਦੀ ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਸੀ। ਇਸ ਸਬੰਧੀ ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਕਤਲ ਦੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੋ ਨੌਜਵਾਨਾਂ ਉੱਜਵਲ ਭਾਰਦਵਾਜ ਅਤੇ ਕਰਮਦੀਪ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਇਸ ਕਤਲ ਕਾਂਡ ਵਿੱਚ ਇਸਤੇਮਾਲ ਕੀਤੇ ਗਏ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਨਿੱਜੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉੱਜਵਲ ਭਾਰਦਵਾਜ ਹਰਿਆਣਾ ਦੇ ਜ਼ਿਲ੍ਹਾ ਭਵਾਨੀ ਅਤੇ ਕਰਮਦੀਪ ਹਿਸਾਰ ਦਾ ਰਹਿਣ ਵਾਲਾ ਹੈ।