ਵਿਦਿਆਰਥੀਆਂ ਦਾ ਚਾਰਟ ਮੇਕਿੰਗ ਮੁਕਾਬਲਾ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਨਵੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ 75ਵਾਂ ਸੰਵਿਧਾਨ ਦਿਵਸ ਮਨਾਇਆ ਗਿਆ। ਵਿਦਿਆਰਥਣ ਹੇਮਨਪ੍ਰੀਤ ਕੌਰ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ ਅਤੇ ਵਿਦਿਆਰਥੀਆਂ ਵੱਲੋਂ ਪ੍ਰਸਤਾਵਨਾ ਵਿੱਚ ਦਰਜ ਸੰਵਿਧਾਨਕ ਉਦੇਸ਼ਾਂ ਉੱਪਰ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦਾ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਮਾਨਤਾ ਦਾ ਅਧਿਕਾਰ ਪ੍ਰਦਾਨ ਕਰਦਾ ਹੈ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਵੱਲੋਂ ਸੰਵਿਧਾਨ ਦੇ ਉਦੇਸ਼ਾਂ ਅਤੇ ਆਦਰਸ਼ਾਂ ਉੱਪਰ ਵਿਸ਼ੇਸ਼ ਲੈਕਚਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨਕ ਸੋਧਾਂ ਬਾਰੇ ਵੀ ਜਾਗਰੂਕ ਕੀਤਾ। ਚਾਰਟ ਮੇਕਿੰਗ ਮੁਕਾਬਲੇ ਵਿਚ ਸੁਮਨ ਨੇ ਪਹਿਲਾ, ਵੰਦਨਾ ਅਤੇ ਤਾਨੀਆ ਨੇ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਵਿੱਚ ਦਰਜ ਉਦੇਸ਼ਾਂ ਅਤੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਸਹੁੰ ਵੀ ਚੁੱਕੀ ਗਈ।