ਪੋਲਿੰਗ ਪਾਰਟੀਆਂ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ
ਪੱਤਰ ਪ੍ਰੇਰਕ
ਸ਼ਾਹਕੋਟ, 22 ਅਕਤੂਬਰ
ਪੰਚਾਇਤੀ ਚੋਣਾਂ ਵਿਚ ਪੋਲਿੰਗ ਪਾਰਟੀਆਂ ਨੂੰ ਆਈਆਂ ਮੁਸ਼ਕਿਲਾਂ ਸਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਪੰਜਾਬ) ਜ਼ਿਲ੍ਹਾ ਜਲੰਧਰ ਨੇ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਰਾਹੀਂ ਚੋਣ ਕਮਿਸ਼ਨ ਪੰਜਾਬ ਨੂੰ ਰੋਸ ਪੱਤਰ ਭੇਜਿਆ।
ਜ਼ਿਲ੍ਹਾ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾ ਡੀਸੀ ਜਲੰਧਰ ਰਾਹੀਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜ ਕੇ ਪੋਲਿੰਗ ਪਾਰਟੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਇਸਦੇ ਨਾਲ ਹੀ ਲੋੜਵੰਦ ਅਧਿਆਪਕਾਂ ਨੂੰ ਡਿਊਟੀ ਤੋਂ ਛੋਟ ਦੇਣ, ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਲਾਕਾਂ ਵਿੱਚ ਲਗਾਉਣ ਅਤੇ ਵੋਟਾਂ ਦੀ ਗਿਣਤੀ ਬਲਾਕ ਪੱਧਰ ਤੇ ਅਗਲੇ ਦਿਨ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਦੀ ਬੇਨਤੀ ਉੱਪਰ ਗੌਰ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਕਈ ਪਿੰਡਾਂ ਵਿੱਚ ਪੋਲਿੰਗ ਪਾਰਟੀਆਂ ’ਤੇ ਹਮਲੇ ਹੋਣ ਵਰਗੀਆਂ ਘਟਨਾਵਾਂ ਵੀ ਵਾਪਰੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੋਲਿੰਗ ਪਾਰਟੀਆਂ ਲਈ ਨਾ ਖਾਣੇ ਦਾ, ਨਾ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਬਣਦਾ ਮਿਹਨਤਾਨਾ ਦਿੱਤਾ ਗਿਆ।