ਕਿਸਾਨੀ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਪੱਤਰ ਸੌਂਪਿਆ
ਪੱਤਰ ਪ੍ਰੇਰਕ
ਨਵਾਂਸ਼ਹਿਰ, 11 ਅਗਸਤ
ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੂੰ ਮੰਗ ਪਤੱਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜਥੇਬੰਦਕ ਆਗੂਆਂ ਨੇ ਡੀ.ਸੀ ਦਫ਼ਤਰ ਦੇ ਅਹਾਤੇ ਵਿੱਚ ਮੰਗਾਂ ਸਬੰਧੀ ਚਰਚਾ ਵੀ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ ਅਤੇ ਸੁਰਿੰਦਰ ਸਿੰਘ ਬੈਂਸ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰੀ ਅਦਾਰੇ ਮਾਰਕਫੈੱਡ, ਇਫਕੋ ਅਤੇ ਕਰਿਭਕੋ ਵੱਲੋਂ ਯੂਰੀਆ ਅਤੇ ਡੀਏਪੀ ਖਾਦ ਦੇ ਨਾਲ ਜਬਰਦਸਤੀ ਨੈਨੋ ਯੂਰੀਆ ਅਤੇ ਹੋਰ ਬੇਲੋੜੀਆਂ ਵਸਤਾਂ ਦਿੱਤੀਆਂ ਜਾਂਦੀਆਂ ਹਨ। ਅਜਿਹਾ ਵਰਤਾਰਾ ਬੰਦ ਹੋਣਾ ਚਾਹੀਦਾ ਹੈ। ਨਹਿਰੀ ਪਾਣੀ ਹਰ ਖੇਤ ਤੇ ਹਰ ਘਰ ਦੀ ਪਹੁੰਚ ਵਿੱਚ ਹੋਣਾ ਚਾਹੀਦਾ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਤੱਕ ਨਹਿਰੀ ਵਿਭਾਗ ਵੱਲੋਂ ਖਾਲਿਆਂ ਦੀ ਸਫਾਈ ਵੀ ਨਹੀਂ ਕੀਤੀ ਗਈ ਅਤੇ ਨਾ ਨਵੇਂ ਮੋਘੇ ਕਿਸਾਨਾਂ ਨੂੰ ਦਿੱਤੇ ਗਏ, ਸਗੋਂ ਪਹਿਲੇ ਮੋਘੇ ਵੀ ਪਾਣੀ ਤੋਂ ਉੱਪਰ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਮੰਗ ਪਤੱਰ ਚ ਦਰਜ ਮੰਗਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।