ਘਰੇਲੂ ਕਲੇਸ਼ ਤੋਂ ਦੁਖੀ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 3 ਸਤੰਬਰ
ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸੋਹਲ ਵਿੱਚ ਮਾਂ ਦੇ ਕਥਿਤ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ 17 ਸਾਲਾ ਪੁੱਤਰ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ ਗੋਲੀ ਵਾਸੀ ਸੋਹਲ ਵਜੋਂ ਹੋਈ। ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੇ ਪਿਤਾ ਜੋਗਿੰਦਰ ਪਾਲ ਦੀ ਚਾਰ ਸਾਲ ਪਹਿਲਾਂ ਮੌਤ ਹੋਈ ਚੁੱਕੀ ਹੈ। ਉਸ ਦੀ ਮਾਤਾ ਕੁਲਦੀਪ ਕੌਰ ਦੇ ਪਿੰਡ ਦੇ ਹੀ ਇਕ ਨੌਜਵਾਨ ਸੰਨੀ ਵਾਸੀ ਸੋਹਲ ਕਲੋਨੀ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਹਨ। ਇਸ ਬਾਰੇ ਕਈ ਵਾਰ ਰੋਕਣ ’ਤੇ ਵੀ ਉਸ ਦੀ ਮਾਤਾ ਨੇ ਉਨ੍ਹਾਂ ਦਾ ਕਹਿਣਾ ਨਾ ਮੰਨਿਆ। ਇਸ ਕਾਰਨ ਉਸ ਦਾ ਭਰਾ ਗੁਰਦੀਪ ਸਿੰਘ ਕਾਫੀ ਦੁਖੀ ਰਹਿੰਦਾ ਸੀ। ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਧਾਰੀਵਾਲ ਦੀ ਪੁਲੀਸ ਨੇ ਮ੍ਰਿਤਕ ਦੀ ਭੈਣ ਲਵਪ੍ਰੀਤ ਕੌਰ ਦੇ ਬਿਆਨਾਂ ਅਨੁਸਾਰ ਕੁਲਦੀਪ ਕੌਰ ਅਤੇ ਸੰਨੀ ਵਿਰੁੱਧ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਮੁਲਜ਼ਮ ਕੁਲਦੀਪ ਕੌਰ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪਹਿਲਾਂ ਵੀ ਐਨਡੀਪੀਐਸ ਐਕਟ ਅਤੇ ਅਕਸਾਈਜ ਐਕਟ ਤਹਿਤ ਮਾਮਲੇ ਦਰਜ ਹਨ।