ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖੁਦਕੁਸ਼ੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਜੁਲਾਈ
ਇੱਥੋਂ ਦੇ ਰਾਣੀ ਕਾ ਬਾਗ ਇਲਾਕੇ ਵਿੱਚ ਤਨਿਸ਼ ਸਚਦੇਵਾ ਨਾਂਅ ਦੇ ਵਿਅਕਤੀ ਨੇ ਕੱਲ੍ਹ ਕੋਈ ਜ਼ਹਿਰੀਲ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਉਹ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਉਸ ਨੇ ਲੋਕਾਂ ਕੋਲੋਂ ਕਰਜ਼ਾ ਲਿਆ ਹੋਇਆ ਸੀ। ਭਾਵੇਂ ਉਸ ਨੇ ਇਸ ਰਕਮ ਦਾ ਵੱਡਾ ਹਿੱਸਾ ਵਿਆਜ ਸਮੇਤ ਵਾਪਸ ਕਰ ਦਿੱਤਾ ਸੀ ਪਰ ਫਿਰ ਵੀ ਉਸ ਦੇ ਨਾਂ ’ਤੇ ਖੜ੍ਹੇ 25 ਲੱਖ ਰੁਪਏ ਵਾਪਸ ਕਰਨ ਲਈ ਕਿਹਾ ਗਿਆ ਸੀ ।
ਮ੍ਰਿਤਕ ਦੇ ਪਿਤਾ ਤਰਸੇਮ ਕੁਮਾਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਤਨੀਸ਼ ਇਕ ਕੰਪਨੀ ਵਿੱਚ ਮੈਡੀਕਲ ਪ੍ਰਤੀਨਿਧੀ ਵਜੋਂ ਕੰਮ ਕਰਦਾ ਸੀ। ਉਹ ਪਿਛਲੇ ਛੇ ਮਹੀਨਿਆਂ ਤੋਂ ਵੱਖ ਰਹਿ ਰਿਹਾ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਉਸ ਨੂੰ ਇੱਕ ਸੁਨੇਹਾ ਮਿਲਿਆ ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਸ ਦੀ ਕਾਰ ਰਾਣੀ ਕਾ ਬਾਗ ਇਲਾਕੇ ਵਿੱਚ ਇੱਕ ਬੇਕਰੀ ਨੇੜਿਉਂ ਮਿਲੀ। ਉਸ ਦੀ ਹਾਲਤ ਬਹੁਤ ਗੰਭੀਰ ਸੀ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਨੇ 27.44 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ 48.91 ਲੱਖ ਰੁਪਏ ਵਿਆਜ ਸਮੇਤ ਵੱਖ-ਵੱਖ ਖਾਤਿਆਂ ਵਿੱਚ ਵਾਪਸ ਕਰ ਦਿੱਤੇ ਸਨ। ਪੁਲੀਸ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।