ਐੱਮਬੀਬੀਐੱਸ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 2 ਨਵੰਬਰ
ਹਰਗੋਬਿੰਦ ਨਗਰ ਆਰਸੀਐੱਫ ਦੇ ਸਾਹਮਣੇ ਇੱਕ ਐੱਮਬੀਬੀਐੱਸ ਵਿਦਿਆਰਥਣ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਕਪੂਰਥਲਾ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਏਐੱਸਆਈ ਪੂਰਨ ਚੰਦ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਦੇ ਪਿਤਾ ਪੂਰਨ ਚੰਦ ਨੇ ਦੱਸਿਆ ਕਿ ਉਸ ਦੀ ਬੇਟੀ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਐੱਮਬੀਬੀਐੱਸ ਦੀ ਅਖੀਰਲੇ ਸਾਲ ਦੀ ਵਿਦਿਆਰਥਣ ਸੀ। ਪਿਛਲੇ ਲੰਮੇ ਸਮੇਂ ਤੋਂ ਉਹ ਕਿਸੇ ਬਿਮਾਰੀ ਨਾਲ ਪੀੜਤ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ। ਰਾਤ ਸਮੇਂ ਉਹ ਖਾਣਾ ਖਾ ਕੇ ਆਪਣੇ ਕਮਰੇ ਵਿੱਚ ਚਲੀ ਗਈ। ਕੁਝ ਦੇਰ ਬਾਅਦ ਉਸ ਦੀ ਪਤਨੀ ਕਮਰੇ ਵਿੱਚ ਗਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਧੀ ਨੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਸੀ। ਉਸ ਨੂੰ ਤੁਰੰਤ ਉਤਾਰ ਕੇ ਲਾਲਾ ਲਾਜਪਤ ਰਾਏ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਹਨ।
ਖੇਤਾਂ ਵਿੱਚੋਂ ਲਾਸ਼ ਬਰਾਮਦ
ਪਠਾਨਕੋਟ: ਪਿੰਡ ਡੇਹਰੀਵਾਲ ਵਿੱਚ ਇੱਕ ਵਿਅਕਤੀ ਦੀ ਲਾਸ਼ ਭੇਤਭਰੀ ਹਾਲਤ ਵਿੱਚ ਖੇਤਾਂ ਵਿੱਚੋਂ ਲਾਸ਼ ਮਿਲੀ ਹੈ। ਲਾਸ਼ ਮਿਲਣ ਦਾ ਪਤਾ ਲੱਗਦੇ ਸਾਰ ਹੀ ਪਿੰਡ ਵਾਸੀ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ ਰਮਨ ਕੁਮਾਰ ਵਾਸੀ ਪਿੰਡ ਡੇਹਰੀਵਾਲ ਵੱਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਮਨ ਕੁਮਾਰ ਦੀਆਂ ਦੋ ਛੋਟੀਆਂ ਬੱਚੀਆਂ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਅੱਜ ਉਸ ਦੀ ਲਾਸ਼ ਪਿੰਡ ਦੇ ਖੇਤਾਂ ਵਿੱਚੋਂ ਮਿਲੀ ਹੈ ਅਤੇ ਨਾਲ ਹੀ ਦਰੱਖਤ ’ਤੇ ਇੱਕ ਰੱਸੀ ਵੀ ਲਟਕਦੀ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ ਅਤੇ ਸਿਵਲ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। -ਪੱਤਰ ਪ੍ਰੇਰਕ
ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ
ਫਗਵਾੜਾ: ਇੱਥੇ ਇੱਕ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਫੇਟ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਰਾਕੇਸ਼ ਕੁਮਾਰ ਵਾਸੀ ਜਗਤਪੁਰ ਜੱਟਾਂ ਨੇ ਪੁਲੀਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਉਸਦਾ ਲੜਕਾ ਰਾਹੁਲ ਆਪਣੇ ਦੋਸਤਾਂ ਨਾਲ ਪਿੰਡ ਜਾ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਇਨ੍ਹਾਂ ਨੂੁੰ ਫੇਟ ਮਾਰੀ ਜਦਕਿ ਇਸ ਦੌਰਾਨ ਇੱਕ ਹੋਰ ਐਕਟਿਵਾ ’ਤੇ ਸਵਾਰ ਪਤੀ ਪਤਨੀ ਵੀ ਕਾਰ ਦੀ ਲਪੇਟ ’ਚ ਆ ਗਏ। ਲੋਕਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਵੱਲੋਂ ਰਾਹੁਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧ ’ਚ ਪੁਲੀਸ ਨੇ ਕਾਰ ਚਾਲਕ ਵਿਸ਼ਾਲ ਬੰਗਾ ਵਾਸੀ ਘੁੰਮਣ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ