ਖ਼ੁਦਕੁਸ਼ੀ: ਕਿਸਾਨਾਂ ਨੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਆਵਾਜਾਈ ਰੋਕੀ
ਜੋਗਿੰਦਰ ਸਿੰਘ ਮਾਨ
ਮਾਨਸਾ, 28 ਸਤੰਬਰ
ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ’ਚੋਂ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਵਿਰੋਧ ’ਚ ਅੱਜ ਮਾਨਸਾ ਕੈਂਚੀਆਂ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਜਾਮ ਲਾਇਆ ਗਿਆ, ਜਿਸ ਕਰਕੇ ਮਾਨਸਾ ਤੋਂ ਪਟਿਆਲਾ-ਚੰਡੀਗੜ੍ਹ, ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੀੜਤ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਭਾਵੇਂ ਇਸ ਜਾਮ ਨੂੰ ਖੁੱਲ੍ਹਵਾਉਣ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਦੇਰ ਸ਼ਾਮ ਤੱਕ ਧਰਨਾਕਾਰੀਆਂ ਦੇ ਮੁੱਖ ਆਗੂਆਂ ਨਾਲ ਗੱਲਬਾਤ ਕਰਦੇ ਰਹੇ, ਪਰ ਮੁਆਵਜ਼ਾ ਰਾਸ਼ੀ ਨੂੰ ਲੈ ਕੇ ਗੱਲ ਕਿਸੇ ਤਣ-ਪੱਤਣ ਨਾ ਲੱਗੀ।
ਜਥੇਬੰਦੀ ਦੇ ਆਗੂ ਬਲਵੀਰ ਸਿੰਘ ਝੰਡੂਕੇ ਨੇ ਦੱਸਿਆ ਕਿ ਅਧਿਕਾਰੀ ਮ੍ਰਿਤਕ ਕਿਸਾਨ ਦੀ ਖੁਦਕੁਸ਼ੀ ਲਈ ਜਥੇਬੰਦੀ ਵੱਲੋਂ ਦਸਤਾਵੇਜ਼ ਦੇਣ ਦੀ ਮੰਗ ਕਰਦੇ ਰਹੇ ਤਾਂ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਲਈ ਮੁੱਢਲੀ ਕਾਰਵਾਈ ਆਰੰਭ ਹੋ ਸਕੇ ਪਰ ਜਥੇਬੰਦੀ ਦੇ ਆਗੂ 25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਲਈ ਅੜੇ ਰਹੇ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 24 ਸਤੰਬਰ ਨੂੰ ਖਨੌਰੀ ਬਾਰਡਰ ’ਤੇ ਕਿਸਾਨ ਗੁਰਮੀਤ ਸਿੰਘ ਖੁਦਕੁਸ਼ੀ ਕਰ ਗਿਆ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਕਿਸਾਨ ਦੇ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਾਰ ਦਿਨ ਬੀਤਣ ਦੇ ਬਾਵਜੂਦ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨ ਗੁਰਮੀਤ ਸਿੰਘ ਕੋਲ ਕੋਈ ਜ਼ਮੀਨ ਨਹੀਂ ਹੈ ਅਤੇ ਉਸ ਦੇ ਪਰਿਵਾਰ ਵਿੱਚ ਇੱਕ ਧੀ ਵਿਆਹੁਣਯੋਗ ਹੈ ਤੇ ਪਰਿਵਾਰ ਦੀ ਆਰਥਿਕ ਸਥਿਤੀ ਚੰਗੀ ਨਾ ਹੋਣ ਕਾਰਨ ਕਿਸਾਨ ਜਥੇਬੰਦੀ ਮੁਆਵਜ਼ਾ ਦੀ ਮੰਗ ਕਰ ਰਹੀ ਹੈ। ਜਦੋਂ ਤੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦੀ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਅਣਮਿਥੇ ਸਮੇਂ ਲਈ ਕਿਸਾਨ ਜਥੇਬੰਦੀ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।