ਸੁਖਬੀਰ ਬਾਦਲ ਮੁੜ ਤੋਂ ਗਲਤੀ ਦੁਹਰਾ ਰਹੇ ਹਨ: ਢੀਂਡਸਾ
ਗੁਰਦੀਪ ਸਿੰਘ ਲਾਲੀ/ਇੰਦਰ ਸਿੰਘ ਬਨਭੌਰੀ
ਸੰਗਰੂਰ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਮੁੜ ਤੋਂ ਡੇਰਾ ਸਾਧ ਨੂੰ ਮੁਆਫੀ ਦੇਣ ਵਰਗੀ ਇਕ ਹੋਰ ਗਲਤੀ ਦੁਹਰਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ਨੂੰ ਢਾਹ ਲਾਉਣ ਵਾਲੀ ਇਸ ਸਾਜ਼ਿਸ਼ ਦਾ ਹਰ ਸਿੱਖ ਨੂੰ ਪੂਰੀ ਜ਼ਿੰਮੇਵਾਰੀ ਨਾਲ ਮੁਕਾਬਲਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਇਥੇ ਆਪਣੀ ਰਿਹਾਇਸ਼ ’ਚ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਡੇਰਾ ਸਿਰਸਾ ਮੁਖੀ ਨੂੰ ਮੁਆਫ ਕਰਵਾਉਣ ਦੀ ਕੁਤਾਹੀ ਜੋ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਸੀ ਉਸ ਤੋਂ ਵੀ ਖਤਰਨਾਕ ਕੁਤਾਹੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਲਵਿੰਦਰ ਸਿੰਘ ਭੂੰਦੜ ਅਤੇ ਹਰਜਿੰਦਰ ਸਿੰਘ ਧਾਮੀ ਆਪਣੇ-ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਸਿੰਘ ਸਾਹਿਬਾਨ ਉਪਰ ਦਬਾਓ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਿਰੁੱਧ ਯੋਜਨਾਬੱਧ ਤਰੀਕੇ ਨਾਲ ਸਾਜ਼ਿਸ਼ ਭਰੀ ਬਿਆਨਬਾਜ਼ੀ ਕਰਵਾ ਕੇ ਇੱਕ ਵਿਅਕਤੀ ਨੂੰ ਬਚਾਉਣ ਲਈ ਅਕਾਲ ਤਖਤ ਦੀ ਸਰਬਉੱਚਤਾ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਬਾਦਲ ਨੂੰ ਇਤਿਹਾਸ ਦੀ ਕੰਧ ਤੋਂ ਪੜ੍ਹ ਲੈਣਾ ਚਾਹੀਦਾ ਹੈ ਕਿ ਅਕਾਲ ਤਖਤ ਨਾਲ ਮੱਥਾ ਲਾਉਣ ਵਾਲਿਆਂ ਦਾ ਕੀ ਹਸ਼ਰ ਹੋਇਆ ਹੈ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ, ਧਰਮ ਪ੍ਰਚਾਰ ਕਮੇਟੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਸਤਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ, ਡਾ. ਰੂਪ ਸਿੰਘ ਸ਼ੇਰੋ ਮੌਜੂਦ ਸਨ।
ਕੋਈ ਮੇਰੇ ਬਾਰੇ ਕੀ ਬੋਲਦਾ ਹੈ ਇਸ ਨਾਲ ਮੇਰਾ ਕੋਈ ਸਰੋਕਾਰ ਨਹੀਂ: ਭੂੰਦੜ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਢੀਂਡਸਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕਿਤੇ ਆਉਂਦਾ ਜਾਂਦਾ ਕਿਸੇ ਕੋਲ ਬਿੰਦ ਘੜੀ ਲਈ ਖੜ੍ਹ-ਬੈਠ ਗਿਆ ਇਸ ਦਾ ਗਲਤ ਮਤਲਬ ਨਹੀਂ ਕੱਢਣਾ ਚਾਹੀਦਾ। ਉਨ੍ਹਾਂ ਕਿਹਾ,‘‘ਮੈਂ ਅਕਾਲੀ ਦਲ ਦੀ ਸੇਵਾ ਕੀਤੀ ਹੈ ਤੇ ਕਰਦਾ ਰਹਾਂਗਾ, ਕੋਈ ਮੇਰੇ ਬਾਰੇ ਕੀ ਬੋਲਦਾ ਹੈ ਇਸ ਨਾਲ ਮੇਰਾ ਕੋਈ ਸਰੋਕਾਰ ਨਹੀਂ।’’