ਅਕਾਲੀ ਦਲ ਦੀ ਹਾਰ ਲਈ ਸੁਖਬੀਰ ਬਾਦਲ ਜ਼ਿੰਮੇਵਾਰ: ਸੁਖਦੇਵ ਢੀਂਡਸਾ
ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਜੂਨ
‘ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਬਣਦਾ ਹੈ। ਅੱਗੇ ਪਾਰਟੀ ਉਸ ਨੂੰ ਪ੍ਰਵਾਨ ਕਰੇ ਜਾ ਨਾ ਕਰੇ ਉਹ ਗੱਲ ਵੱਖਰੀ ਹੈ।’ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੇਖੂਵਾਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੀ ਜੋ ਹਾਰ ਹੋਈ ਹੈ ਉਸ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦੁਖਦਾਈ ਤੇ ਸੋਚਣ ਵਾਲਾ ਮੁੱਦਾ ਹੈ ਕਿ ਪੰਜਾਬੀਆਂ ਦੀ ਅਸਲ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ਦੌਰਾਨ ਕਾਰਗੁਜ਼ਾਰੀ ਬਹੁਤ ਮੰਦਭਾਗੀ ਰਹੀ ਹੈ। ਉਹ ਅੱਜ ਇੱਥੇ ਪਿੰਡ ਸੇਖੂਵਾਸ ਦੇ ਸਾਬਕਾ ਸਰਪੰਚ ਲਾਭ ਸਿੰਘ ਬਹਿਣੀਵਾਲ ਦੀ ਪਤਨੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਸ੍ਰੀ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਸਨ ਕਿ ‘ਆਪ’ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਹਾਰ ਹੋਈ ਹੈ, ਉਸ ਲਈ ਭਗਵੰਤ ਮਾਨ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਲਈ ਜ਼ਿੰਮੇਵਾਰ ਕਾਂਗਰਸ ਦਾ ਪੰਜਾਬ ਵਿੱਚੋਂ ਸੱਤ ਸੀਟਾਂ ਜਿੱਤਣਾ ਵੀ ਬਹੁਤ ਮੰਦਭਾਗਾ ਹੈ, ਉਹ ਵੀ ਉਨ੍ਹਾਂ ਹੀ ਦਿਨਾਂ ਵਿੱਚ ਜਿਨ੍ਹਾਂ ਦਿਨਾਂ ਵਿੱਚ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਅਪਰੇਸ਼ਨ ਹੋਇਆ ਸੀ।
ਇਸ ਮੌਕੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਮਾਰਕਫੈੱਡ ਪੰਜਾਬ ਦੇ ਸਾਬਕਾ ਡਾਇਰੈਕਟਰ ਗੁਰਸੰਤ ਸਿੰਘ ਭਟਾਲ, ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੀਤ ਮਹਿੰਦਰ ਸਿੰਘ ਭਾਈ ਕੀ ਪਿਸ਼ੌਰ, ਲੋਕਲ ਗੁਰਦੁਆਰਾ ਕਮੇਟੀ ਦੇ ਰਸੀਵਰ ਰਾਜਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ ਮੌਜੂਦ ਸਨ।