ਸੁਖਬੀਰ ਬਾਦਲ ਨੇ ਸੰਭਾਲੀ ਘੁੰਮਣ ਦੀ ਚੋਣ ਕਮਾਨ
ਗੁਰਿੰਦਰ ਸਿੰਘ
ਲੁਧਿਆਣਾ, 5 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਖੜ੍ਹੇ ਸ਼੍ੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲਈ ਚੋਣ ਪ੍ਰਚਾਰ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਭਾਲ ਲਈ ਹੈ। ਜਿੱਥੇ ਐਡਵੋਕੇਟ ਘੁੰਮਣ ਅਤੇ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ, ਉੱਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਵੱਖ-ਵੱਖ ਅਕਾਲੀ ਆਗੂਆਂ ਨਾਲ ਰੋਜ਼ਾਨਾ ਦੀ ਰਿਪੋਰਟ ਲੈ ਕੇ ਲੋੜੀਂਦੀਆਂ ਹਦਾਇਤਾਂ ਦੇ ਰਹੇ ਹਨ। ਬੀਤੀ ਸ਼ਾਮ ਸੁਖਬੀਰ ਬਾਦਲ ਸਾਊਥ ਸਿਟੀ ਇਲਾਕੇ ’ਚ ਗਏ ਜਿੱਥੇ ਉਨ੍ਹਾਂ ਸਨਵਿਊ ਐਨਕਲੇਵ ਦੀ ਫੂਡ ਮਾਰਕੀਟ ਵਿੱਚ ਖਾਣਾ ਖਾਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇੱਕ ਰੈਸਟੋਰੈਂਟ ਵਿੱਚ ਖਾਣਾ ਖਾ ਰਹੇ ਲੋਕਾਂ ਨਾਲ ਵੀ ਗੱਲ ਕੀਤੀ।
ਉਨ੍ਹਾਂ ਨੌਜਵਾਨਾਂ ਨਾਲ ‘ਆਪ’ ਸਰਕਾਰ ਅਤੇ ਅਕਾਲੀ ਸਰਕਾਰ ਦੇ ਵਿਜ਼ਨ ਬਾਰੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਨੀਤੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਉਹ ਤਕਰੀਬਨ ਘੰਟੇ ਤੋਂ ਵੱਧ ਸਮਾਂ ਉੱਥੇ ਰਹੇੇ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੀ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਘੁੰਮਣ ਨੇ ਦੱਸਿਆ ਕਿ ਇਹ ਮੁਹਿੰਮ ਲੋਕਾਂ ਦੇ ਭਰੋਸੇ ਅਤੇ ਉਮੀਦਾਂ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ ਇਹ ਸਾਬਤ ਕਰਦਾ ਹੈ ਕਿ ਉਹ ਅਕਾਲੀ ਦਲ ਨੂੰ ਮੁੜ ਇੱਕ ਮੌਕਾ ਦੇਣਾ ਚਾਹੁੰਦੇ ਹਨ।