ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਦੀ ਟੇਕ

06:09 AM Jul 18, 2024 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣ ਦੇ ਆਏ ਬਿਆਨ ਨਾਲ ਕੁਝ ਪੰਥਕ ਮੁੱਦਿਆਂ ਅਤੇ ਘਟਨਾਵਾਂ ਨੂੰ ਲੈ ਕੇ ਪਿਛਲੇ ਲੰਮੇ ਅਰਸੇ ਤੋਂ ਪਾਰਟੀ ਅੰਦਰ ਧੁਖ ਰਹੇ ਸਵਾਲਾਂ ਦੇ ਜਵਾਬ ਮਿਲਣ ਦੇ ਆਸਾਰ ਬਣ ਗਏ ਹਨ। ਸੋਮਵਾਰ ਨੂੰ ਬਾਦਲ ਦੇ ‘ਐਕਸ’ ਅਕਾਊਂਟ ’ਤੇ ਟਵੀਟ ਕੀਤਾ ਗਿਆ ਜਿਸ ਵਿੱਚ ਲਿਖਿਆ ਸੀ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ। ਉਂਝ, ਇਸ ਦੇ ਨਾਲ ਇਹ ਸਵਾਲ ਵੀ ਉੱਠ ਰਹੇ ਹਨ ਕਿ ਕੀ ਉਹ ਬਤੌਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਅਸਤੀਫ਼ਾ ਦੇ ਕੇ ਪੇਸ਼ ਹੋਣਗੇ?
ਪਿਛਲੀਆਂ ਕਈ ਚੋਣਾਂ ਖ਼ਾਸਕਰ ਹਾਲੀਆ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ‘ਸਭ ਅੱਛਾ’ ਹੋਣ ਦਾ ਪ੍ਰੈੱਸ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਪਾਰਟੀ ਲੀਡਰਸ਼ਿਪ ਅੰਦਰ ਧੁਖ ਰਹੀ ਚੰਗਿਆੜੀ ਭਾਂਬੜ ਬਣ ਕੇ ਸਾਹਮਣੇ ਆ ਗਈ ਸੀ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਸਿੱਖ ਜਗਤ ਅੰਦਰ ਪਾਰਟੀ ਦੀ ਖੁਰੀ ਸਾਖ਼ ਨਾਲ ਜੋਡਿ਼ਆ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਡੇਰਾ ਸਿਰਸਾ ਦੇ ਮੁਖੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਵਰਗੀ ਪੁਸ਼ਾਕ ਪਹਿਨਣ, ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਅਤੇ ਉਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੀ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਪਾਰਟੀ ਲੀਡਰਸ਼ਿਪ ਖ਼ਾਸਕਰ ਉਸ ਵੇਲੇ ਦੇ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰੁਖ਼ ਤੇ ਰਵੱਈਏ ਕਾਰਨ ਅਕਾਲੀ ਦਲ ਸਿੱਖ ਭਾਈਚਾਰੇ ਦਾ ਵਿਸ਼ਵਾਸ ਗੁਆ ਬੈਠਿਆ ਸੀ। ਇਨ੍ਹਾਂ ਅਕਾਲੀ ਆਗੂਆਂ ਨੇ ਲੰਘੀ ਇੱਕ ਜੁਲਾਈ ਨੂੰ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਇਨ੍ਹਾਂ ਘਟਨਾਵਾਂ ਮੌਕੇ ਵਿਰੋਧ ਵਿੱਚ ਆਪਣੀ ਆਵਾਜ਼ ਨਾ ਉਠਾ ਸਕਣ ਦਾ ਦੋਸ਼ ਕਬੂਲ ਕੀਤਾ ਸੀ ਅਤੇ ਇਸ ਸਬੰਧ ਵਿੱਚ ਆਪਣੇ ਆਪ ਨੂੰ ‘ਸਜ਼ਾ’ ਲਈ ਪੇਸ਼ ਕੀਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਵਿੱਚ ਸ਼ੁਮਾਰ ਹੈ ਅਤੇ ਪੰਜਾਬ ਤੇ ਸਿੱਖ ਭਾਈਚਾਰੇ ਦੇ ਮੁੱਦਿਆਂ ’ਤੇ ਪਹਿਰਾ ਦੇਣ ਅਤੇ ਸੰਘਰਸ਼ ਕਰਨ ਦਾ ਇਸ ਦਾ ਲੰਮਾ ਇਤਿਹਾਸ ਹੈ। ਅਕਾਲੀ ਦਲ ਭਾਵੇਂ ਸੱਤਾ ਵਿੱਚ ਰਹੇ ਜਾਂ ਵਿਰੋਧੀ ਧਿਰ ਵਿੱਚ, ਕਈ ਦਹਾਕਿਆਂ ਤੱਕ ਇਹ ਰਾਜ ਦੀ ਸਿਆਸਤ ਦਾ ਮਰਕਜ਼ ਬਣਿਆ ਰਿਹਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨਾ ਕੇਵਲ ਸੱਤਾ ਤੋਂ ਬਾਹਰ ਹੋਇਆ ਸਗੋਂ ਇਹ ਸਿਰਫ਼ 15 ਸੀਟਾਂ ਹੀ ਜਿੱਤ ਸਕਿਆ ਸੀ ਜਿਸ ਕਰ ਕੇ ਇਹ ਵਿਰੋਧੀ ਧਿਰ ਦੀ ਹੈਸੀਅਤ ਵੀ ਹਾਸਿਲ ਨਹੀਂ ਕਰ ਸਕਿਆ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦੀ ਸਥਿਤੀ ਹੋਰ ਵੀ ਮਾੜੀ ਹੋ ਗਈ ਜਦੋਂ ਇਹ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕਿਆ ਸੀ। ਉਦੋਂ ਤੋਂ ਹੀ ਪਾਰਟੀ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਸਵਾਲਾਂ ਦੇ ਘੇਰੇ ਹੇਠ ਆ ਗਈ ਸੀ। ਪਾਰਟੀ ਮੌਜੂਦਾ ਸੰਕਟ ਨੂੰ ਲੋਕਰਾਜੀ ਪ੍ਰਕਿਰਿਆ ਤਹਿਤ ਸੁਲਝਾਉਣ ਵਿੱਚ ਨਾਕਾਮ ਰਹੀ ਹੈ ਅਤੇ ਇਸੇ ਕਰ ਕੇ ਹੁਣ ਇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਓਟ ਆਸਰਾ ਲੈਣ ਦੀ ਲੋੜ ਪੈ ਰਹੀ ਹੈ।

Advertisement

Advertisement
Advertisement