ਮੇਲਾ ਮਾਘੀ ਕਾਨਫਰੰਸ ਦੀ ਸਫ਼ਲਤਾ ਲਈ ਸੁਖਬੀਰ ਨੇ ਵਰਕਰਾਂ ਨੂੰ ਕੀਤਾ ਲਾਮਬੰਦ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ
ਮੇਲਾ ਮਾਘੀ ਮੌਕੇ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਦੀ ਸਫਲਤਾ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਦੀ ਰਿਹਾਇਸ਼ ’ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਨਵੀਂ ਗਠਿਤ ਹੋਣ ਜਾ ਰਹੀ ਪੰਥਕ ਪਾਰਟੀ ’ਤੇ ਵੀ ਨਿਸ਼ਾਨੇ ਸੇਧੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 70 ਸਾਲ ਦਿਲੋਂ ਪੰਜਾਬ ਅਤੇ ਪੰਥ ਦੀ ਸੇਵਾ ਕੀਤੀ। ਬਾਦਲ ਸਾਹਿਬ ਵਰਗਾ ਲੀਡਰ ਨਾ ਕੋਈ ਪੈਦਾ ਹੋਇਆ ਤੇ ਨਾ ਕੋਈ ਹੋ ਸਕਦਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਅਜਿਹੀਆਂ ਤਾਕਤਾਂ ਇਕੱਠੀਆਂ ਹੋਈਆਂ ਹਨ ਜਿਹੜੀਆਂ ਚਾਹੁੰਦੀਆਂ ਹਨ ਕਿ ਅਕਾਲੀ ਦਲ ਦਾ ਨਾਮ ਹੀ ਖਤਮ ਕਰ ਦਿੱਤਾ ਜਾਵੇ। ਹੁਣ ‘ਨਵੀਆਂ ਤਾਕਤਾਂ’ ਹੋਰ ਆ ਗਈਆਂ ਜਿਹੜੇ ਕਹਿੰਦੇ ਮਾਘੀ ਮੇਲੇ ’ਤੇ ਪਾਰਟੀ ਖੜ੍ਹੀ ਕਰਾਂਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਤਾਕਤਾਂ ਆ ਰਹੀਆਂ ਨੇ ਉਨ੍ਹਾਂ ਦਾ ਨਿਸ਼ਾਨਾ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ, ਹੋਰ ਕੁਝ ਨਹੀਂ।
ਬੇਅਦਬੀ ਦੇ ਮੁੱਦੇ ’ਤੇ ਬੋਲਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁਰੂ ਘਰ ਦੀ ਸੇਵਾ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਅਕਾਲ ਤਖ਼ਤ ਸੁਪਰੀਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੋ ਸਾਲ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਜੇ ਤੁਸੀਂ ਮਨ ਬਣਾ ਲਿਆ ਤਾਂ ਅਕਾਲੀ ਦਲ ਦੀ ਜਿੱਤ ਪੱਕੀ ਹੈ, ਨਹੀਂ ਤਾਂ ਫਿਰ ਭਗਵੰਤ ਮਾਨ ਆ ਜਾਵੇਗਾ। ਇਸ ਮੌਕੇ ਲੋਕ ਸਭਾ ਹਲਕੇ ਫਿਰੋਜ਼ਪੁਰ , ਫਰੀਦਕੋਟ ਅਤੇ ਬਠਿੰਡਾ ਨਾਲ ਸਬੰਧਿਤ ਆਗੂਆਂ ਨਾਲ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜਗਜੀਤ ਸਿੰਘ ਹਨੀ ਫੱਤਣਵਾਲਾ ਮੌਜੂਦ ਸਨ।
ਤਖ਼ਤ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਅਤੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਦੇ ਹੱਥ ਲਿਖਤ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਦੇ ਦਰਸ਼ਨ ਕਰਨ ਮਗਰੋਂ ਸੁਖਬੀਰ ਬਾਦਲ ਨੇ ਯੂਥ ਅਕਾਲੀ ਦਲ ਵੱਲੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਮੌਕੇ ਇੱਥੇ ‘ਮੇਰੀ ਦਸਤਾਰ ਮੇਰੀ ਸ਼ਾਨ’ ਸਿਰਲੇਖ ਹੇਠ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲਗਾਏ ਦਸਤਾਰ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਯੂਥ ਅਕਾਲੀ ਦਲ ਵੱਲੋਂ ਆਰੰਭੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਸਾਡੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਸਿੱਖੀ ਵਿੱਚ ਵਾਪਸ ਲਿਆਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ। ਇਸ ਮੌਕੇ ਸ੍ਰੀ ਝਿੰਜਰ ਨੇ ਦਾਅਵਾ ਕੀਤਾ ਕਿ ਹੁਣ ਤੱਕ ਪੰਜਾਬ ਵਿੱਚ ਕਈ ਥਾਵਾਂ ’ਤੇ ਲਗਾਏ ਗਏ ਦਸਤਾਰਾਂ ਦੇ ਲੰਗਰ ਰਾਹੀਂ 25,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਬੰਨ੍ਹੀਆਂ ਗਈਆਂ ਹਨ।