Sukhbir Singh Badal ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਜੇ ਦਿਨ ਵੀ ਕੀਤੀ ਸੇਵਾ
ਫ਼ਤਹਿਗੜ੍ਹ ਸਾਹਿਬ, 8 ਦਸੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਏ ਜਾਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਧਾਰਮਿਕ ਸੇਵਾ ਦੇ ਤੀਜੇ ਪੜਾਅ ਦੇ ਦੂਜੇ ਦਿਨ ਅੱਜ ਮੁੜ ਤੋਂ ਸੇਵਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇ। ਉਨ੍ਹਾਂ ਗੁਰਦੁਆਰੇ ਦੀ ਡਿਓਢੀ ਅੱਗੇ ਸੇਵਾਦਾਰ ਵਾਲਾ ਚੋਲਾ ਪਾ ਕੇ, ਹੱਥ ਵਿੱਚ ਬਰਛਾ ਫੜ ਕੇ ਅਤੇ ਗਲੇ ਵਿੱਚ ਤਖ਼ਤੀ ਪਾ ਕੇ ਪਹਿਰੇਦਾਰੀ ਦੀ ਸੇਵਾ ਨਿਭਾਈ।
ਉਪਰੰਤ ਉਨ੍ਹਾਂ ਹੋਰ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਬੈਠ ਕੇ ਇੱਕ ਘੰਟਾ ਗੁਰਬਾਣੀ ਕੀਰਤਨ ਸਰਵਣ ਕੀਤਾ। ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ, ਸਰਬਜੀਤ ਸਿੰਘ ਝਿੰਜਰ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜ਼ਰ ਸਨ।
ਧਾਰਮਿਕ ਸੇਵਾ ਦੇ ਦੂਸਰੇ ਦਿਨ ਵੀ ਸੁਖਬੀਰ ਬਾਦਲ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ਅਕਾਲੀ ਆਗੂਆਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।