ਫਰੀਦਕੋਟ ਦੀ ਲਿਡਰਸ਼ਿਪ ਵੱਲੋਂ ਸੁਖਬੀਰ ਦਾ ਸਮਰਥਨ
ਜਸਵੰਤ ਜੱਸ
ਫਰੀਦਕੋਟ, 6 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਕਮੇਟੀ ਨੇ ਅੱਜ ਇੱਥੇ ਮੀਟਿੰਗ ਕਰਕੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਦਾ ਐਲਾਨ ਕੀਤਾ। ਅਕਾਲੀ ਆਗੂ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਸ਼ਤਾਬ, ਗੁਰਿੰਦਰ ਕੌਰ ਭੋਲੂਵਾਲਾ, ਪ੍ਰਤਾਪ ਸਿੰਘ ਨੰਗਲ ਅਤੇ ਗੁਰਪ੍ਰੀਤ ਸਿੰਘ ਸਿੱਖਾਂਵਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਰਹਿ ਕਿ ਲੰਮਾ ਸਮਾਂ ਸੱਤਾ ਦਾ ਸੁੱਖ ਹੰਡਾਉਣ ਵਾਲੇ ਆਗੂ ਹੁਣ ਸੁਖਬੀਰ ਸਿੰਘ ਬਾਦਲ ਖਿਲਾਫ਼ ਝੂਠੇ ਦੋਸ਼ ਲਾ ਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਲੰਮਾ ਸਮਾਂ ਪੰਜਾਬ ਵਿੱਚ ਰਾਜ ਕੀਤਾ ਹੈ ਅਤੇ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਵਿਕਾਸ ਲਈ ਵੱਡੇ ਯਤਨ ਕੀਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਨੇ ਇੱਕਮੁੱਠਤਾ ਦਾ ਐਲਾਨ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੰਗੇ ਨਤੀਜੇ ਲਿਆਉਣ ਲਈ ਅੱਜ ਤੋਂ ਹੀ ਯਤਨਸ਼ੀਲ ਹੋ ਗਏ ਹਨ। ਜ਼ਿਲ੍ਹੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ।